
ਮੋਹਾਲੀ, 13 ਜਨਵਰੀ (ਹਿੰ. ਸ.)। ਲੋਹੜੀ ਦੇ ਤਿਉਹਾਰ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਹਸਪਤਾਲ ਵਿਚ ਨਵਜਨਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਲੋਹੜੀ ਦੇ ਤੋਹਫ਼ੇ ਵੰਡੇ ਅਤੇ ਲੋਹੜੀ ਦੀਆਂ ਵਧਾਈਆਂ ਦਿਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਜੈਨ ਨੇ ਕਿਹਾ ਕਿ ਸਮਾਜਕ ਸਾਂਝ ਨੂੰ ਮਜ਼ਬੂਤ ਕਰਦਾ ਲੋਹੜੀ ਦਾ ਤਿਉਹਾਰ ਇਸ ਗੱਲੋਂ ਵੀ ਅਹਿਮ ਹੈ ਕਿ ਇਹ ਧੀਆਂ ਨੂੰ ਮੁੰਡਿਆਂ ਬਰਾਬਰ ਸਮਝਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸੁਹਿਰਦ ਯਤਨਾਂ ਸਦਕਾਂ ਧੀਆਂ ਪ੍ਰਤੀ ਲੋਕਾਂ ਦੀ ਸੋਚ ਵਿਚ ਕਾਫ਼ੀ ਬਦਲਾਅ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਇਸ ਦਿਨ ਅਹਿਦ ਕਰਨਾ ਚਾਹੀਦਾ ਹੈ ਕਿ ਉਹ ਅਪਣੇ ਘਰ, ਰਿਸ਼ੇਤਦਾਰੀ ਜਾਂ ਆਲੇ-ਦੁਆਲੇ ਧੀਆਂ ਨੂੰ ਕੁੱਖ ਵਿਚ ਕਤਲ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੁੜੀਆਂ ਦੀ ਭਲਾਈ ਲਈ ਕਈ ਯੋਜਨਾਵਾਂ ਸਫ਼ਲਤਾ ਨਾਲ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਮਕਸਦ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਕਰਨਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ