
ਫਾਜ਼ਿਲਕਾ 16 ਜਨਵਰੀ (ਹਿੰ. ਸ.)। ਗਣਤੰਤਰ ਦਿਵਸ ਦੀਆਂ ਝਾਕੀਆਂ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਵਿਚ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਦੀ ਤਿਆਰੀ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਝਾਕੀਆਂ ਮਨਮੋਹਣੀਆ ਹੋਣ ਤੇ ਇਸ ਢੰਗ ਨਾਲ ਤਿਆਰ ਕੀਤੀਆਂ ਗਈਆਂ ਹੋਣ ਕਿ ਉਨ੍ਹਾਂ ਨੂੰ ਦੇਖਦੇ ਹੀ ਸਬੰਧਤ ਵਿਭਾਗ ਦੀਆਂ ਸਕੀਮਾਂ, ਪ੍ਰਾਪਤੀਆਂ, ਪ੍ਰੋਜੈਕਟਾਂ ਤੇ ਲੋਕ ਹਿਤ ਯੋਜਨਾਵਾਂ ਬਾਰੇ ਸੰਦੇਸ ਨੂੰ ਸਪੱਸ਼ਟ ਰੂਪ ਵਿਚ ਸਮਝਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਗਣਤੰਤਰ ਦਿਵਸ 'ਤੇ ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਬਾਗਬਾਨੀ ਅਤੇ ਸਿਹਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਜਾਣਗੀਆਂ ਤੇ ਇਹ ਝਾਕੀਆਂ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀਆਂ ਹੋਣਗੀਆਂ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝਾਕੀਆਂ ਨੂੰ ਆਕਰਸ਼ਕ ਬਣਾਉਣ ਵਿਚ ਕੋਈ ਕਮੀ ਨਾ ਛੱਡਣ ਅਤੇ ਸਮੇਂ ਸਿਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ