ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘਨੌਰ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਵਾਂਗੇ: ਸੁਖਬੀਰ ਸਿੰਘ ਬਾਦਲ
ਘਨੌਰ, 16 ਜਨਵਰੀ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਲਾਛੜੂ ਖੁਰਦ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੇ ਗ੍ਰਹਿ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਸੀਨੀਅਰ
ਸੁਖਬੀਰ ਸਿੰਘ ਬਾਦਲ ਪਿੰਡ ਲਾਛੜੂ ਖੁਰਦ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੇ ਗ੍ਰਹਿ ਵਿਖੇ ਸੰਬੋਧਨ ਕਰਦੇ ਹੋਏ.


ਘਨੌਰ, 16 ਜਨਵਰੀ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਲਾਛੜੂ ਖੁਰਦ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੇ ਗ੍ਰਹਿ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਵੱਡੇ ਪੱਧਰ ’ਤੇ ਭਰਵਾਂ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਬਜੀਤ ਸਿੰਘ ਝਿੰਜਰ ਨੂੰ ਹਲਕਾ ਘਨੌਰ ਤੋਂ 2027 ਚੋਣਾਂ ਲਈ ਥਾਪੜਾ ਦਿੱਤਾ। ਤੇ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੀ ਸਰਕਾਰ ਬਣਾਓ ਤੇ ਉਸ ਮਗਰੋਂ ਅਸੀਂ ਹਲਕਾ ਘਨੌਰ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਵਾਂਗੇ। ਲੋਕਾਂ ਲਈ ਵਿਕਾਸ ਦੇ ਦਰਵਾਜ਼ੇ ਖੋਲ੍ਹਾਂਗੇ। ਉਨ੍ਹਾਂ ਕਿਹਾ ਕਿ ਮੈਂ ਘਨੌਰ ਤੋਂ ਸਿਰਫ਼ ਉਮੀਦਵਾਰ ਨਹੀਂ ਸਗੋਂ ਸਰਬਜੀਤ ਸਿੰਘ ਝਿੰਜਰ ਦੇ ਰੂਪ ਵਿੱਚ ਆਪਣਾ ਛੋਟਾ ਭਰਾ ਦੇ ਕੇ ਜਾ ਰਿਹਾ ਹਾਂ। ਸੁਖਬੀਰ ਬਾਦਲ ਨੇ ਘਨੌਰ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਲਕਾ ਘਨੌਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਲਈ ਹਮੇਸ਼ਾਂ ਠੋਸ ਅਤੇ ਜ਼ਮੀਨੀ ਪੱਧਰ ’ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਸਕੂਲਾਂ, ਸਿਹਤ ਸਹੂਲਤਾਂ, ਪਾਣੀ ਦੀ ਸਪਲਾਈ ਅਤੇ ਕਿਸਾਨ-ਪੱਖੀ ਨੀਤੀਆਂ ਅਕਾਲੀ ਦਲ ਦੀ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਰਹੀਆਂ ਹਨ।

ਬਾਦਲ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਅੱਜ ਤੱਕ ਵੀ ਕਾਗਜ਼ਾਂ ਤੱਕ ਹੀ ਸੀਮਿਤ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ, ਨਾ ਹੀ ਕਿਸਾਨਾਂ ਅਤੇ ਆਮ ਵਰਗ ਨੂੰ ਕੋਈ ਵੱਡੀ ਰਾਹਤ ਮਿਲੀ ਹੈ। ਪੰਜਾਬ ਦੀ ਕਾਨੂੰਨ-ਵਿਵਸਥਾ, ਨਸ਼ਿਆਂ ਦਾ ਮਸਲਾ ਅਤੇ ਮਹਿੰਗਾਈ ਵਰਗੇ ਮੁੱਦੇ ਮੌਜੂਦਾ ਸਰਕਾਰ ਦੀ ਨਾਕਾਮੀ ਨੂੰ ਸਾਫ਼ ਦਰਸਾਉਂਦੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ 2027 ਵਿੱਚ ਜਦੋਂ ਪੰਜਾਬੀਆਂ ਦੇ ਸਾਥ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ, ਤਾਂ ਕਿਸਾਨ-ਪੱਖੀ, ਗਰੀਬ-ਪੱਖੀ ਅਤੇ ਨੌਜਵਾਨ-ਪੱਖੀ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਸਿਹਤ ਤੇ ਸਿੱਖਿਆ ਖੇਤਰ ਵਿੱਚ ਵੱਡੇ ਅਤੇ ਠੋਸ ਸੁਧਾਰ ਲਿਆਂਦੇ ਜਾਣਗੇ। ਇਸਦੇ ਨਾਲ ਹੀ ਸੂਬੇ ਵਿੱਚ ਫੈਲੇ ਗੈਂਗਸਟਰ ਰਾਜ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਵਿਕਾਸਸ਼ੀਲ ਸੂਬਾ ਬਣਾਉਣ ਲਈ ਪੂਰੀ ਵਚਨਬੱਧ ਹੈ।

ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਝਿੰਜਰ ਅਕਾਲੀ ਦਲ ਦੇ ਸੱਚੇ ਤੇ ਇਮਾਨਦਾਰੀ ਸਿਪਾਹੀਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਜਿਵੇਂ ਘਰਾਂ ਵਿੱਚ ਬਿਜਲੀ ਟਰਾਂਸਫ਼ਾਰਮਰ ਤੋਂ ਆਉਂਦੀ ਹੈ, ਟਰਾਂਸਫ਼ਾਰਮਰ ਨੂੰ ਗਰਿੱਡ ਤੋਂ ਬਿਜਲੀ ਮਿਲਦੀ ਹੈ ਅਤੇ ਗਰਿੱਡ ਨੂੰ ਭਾਖੜਾ ਤੋਂ ਬਿਜਲੀ ਮਿਲਦੀ ਹੈ, ਰੁਕਾਵਟਾਂ ਬਾਵਜੂਦ, ਭਾਖੜਾ ਸਦਾ ਬਿਜਲੀ ਪਹੁੰਚਾਉਂਦਾ ਹੈ। ਝਿੰਜਰ ਵੀ ਐਵੇਂ ਹੀ ਸ਼੍ਰੋਮਣੀ ਅਕਾਲੀ ਦਲ ਦਾ ਭਰੋਸੇਮੰਦ ਆਗੂ ਹੈ ਜੋ ਹਮੇਸ਼ਾਂ ਸੂਬੇ ਦੇ ਲੋਕਾਂ ਲਈ ਕੰਮ ਕਰਦਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਲੋਕਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਪੂਰੇ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਤੁਰੰਤ ਰਾਹਤ ਸਮੱਗਰੀ, ਵਿੱਤੀ ਮਦਦ, ਡੀਜ਼ਲ, ਖਾਣ-ਪੀਂਣ ਦੀ ਵਸਤੂਆਂ ਅਤੇ ਹੋਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ। ਇਸ ਦੇ ਨਾਲ ਹੀ ਹਲਕਾ ਘਨੌਰ ਦੇ ਲੋਕਾਂ ਲਈ ਵੀ ਇਹ ਸਹਾਇਤਾ ਪਹੁੰਚਾਈ ਗਈ ਸੀ ਅਤੇ ਲੋਕਾਂ ਨੂੰ ਜ਼ਰੂਰੀ ਸਮੱਗਰੀ ਅਤੇ ਆਰਥਿਕ ਮਦਦ ਮੁਹੱਈਆ ਕਰਵਾਈ ਗਈ ਸੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦੇ ਉਲਟ ਮੌਜੂਦਾ ਸਰਕਾਰ ਉਸ ਵੇਲੇ ਸਿਰਫ਼ ਬਿਆਨਾਂ ਤੱਕ ਹੀ ਸੀਮਿਤ ਰਹੀ।

ਝਿੰਜਰ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਮੁੜ ਇੱਕ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਸਿਆਸਤ ਨੂੰ ਦਿੱਲੀ ਦੇ ਇਸ਼ਾਰੇ ’ਤੇ ਚੱਲਣ ਵਾਲੀ ਪਾਰਟੀ ਨੇ ਗੰਭੀਰ ਨੁਕਸਾਨ ਪਹੁੰਚਾਇਆ ਹੈ, ਜਿਸਦਾ ਖਾਮਿਆਜ਼ਾ ਸਿੱਧਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਝਿੰਜਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੱਲੀ ਅਜਿਹੀ ਪਾਰਟੀ ਹੈ ਜੋ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਹੱਕਾਂ ਦੀ ਸੱਚੀ ਨੁਮਾਇੰਦਗੀ ਕਰਦੀ ਆ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਨਤਾ ਇਸ ਦਿੱਲੀ-ਨਿਯੰਤਰਿਤ ਪਾਰਟੀ ਨੂੰ ਮੂੰਹ ਤੋੜ ਜਵਾਬ ਦੇਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਖੁੱਲ੍ਹੀ ਦੁਰਵਰਤੋਂ ਕਰਕੇ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਵਰਕਰਾਂ ਨੂੰ ਡਰਾਇਆ-ਧਮਕਾਇਆ ਗਿਆ, ਨਾਮਜ਼ਦਗੀਆਂ ਰੱਦ ਕਰਵਾਈਆਂ ਗਈਆਂ ਅਤੇ ਲੋਕਤੰਤਰਕ ਪ੍ਰਕਿਰਿਆ ਨੂੰ ਖੁੱਲ੍ਹੇਆਮ ਪੈਰਾਂ ਹੇਠ ਰੋਂਦਿਆ ਗਿਆ। ਇਹ ਸਭ ਕੁਝ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਇਆ, ਜਿਸ ਨਾਲ ਸਾਫ਼ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਲੋਕਤੰਤਰ ਦੀ ਨਹੀਂ ਸਗੋਂ ਸੱਤਾ ਦੀ ਰਾਜਨੀਤੀ ਕਰ ਰਹੀ ਹੈ। ਅਕਾਲੀ ਦਲ ਨੇ ਸਪਸ਼ਟ ਕੀਤਾ ਕਿ ਉਹ ਲੋਕਤੰਤਰ ਦੀ ਰੱਖਿਆ ਲਈ ਹਰ ਪੱਧਰ ’ਤੇ ਸੰਘਰਸ਼ ਜਾਰੀ ਰੱਖੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਬਾਕੀ ਪਾਰਟੀਆਂ ਤਾਂ ਸਿਰਫ਼ ਪੰਜਾਬ ਵਿੱਚ ਰਾਜ ਕਰਨ ਆਈਆਂ ਤੇ ਸਿਰਫ਼ ਮਰਹੂਮ ਪ੍ਰਕਾਸ਼ ਸਿੰਘ ਬਾਦਲ ਹੀ ਸੇਵਾ ਲਈ ਸੱਤਾ ਵਿੱਚ ਆਏ। ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਹਰ ਪੱਧਰ ਉੱਤੇ ਕੰਮ ਕੀਤੇ।

ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਦੀ ਜਨਤਾ ਮੁੜ ਇੱਕ ਵਾਰ ਅਕਾਲੀ ਦਲ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਕ ਸੋਚ ’ਤੇ ਭਰੋਸਾ ਕਰੇਗੀ, ਕਿਉਂਕਿ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਸੱਚੀ ਆਵਾਜ਼ ਹੈ।

ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬਾਦਲ ਦੀ ਚੰਗੀ ਸੋਚ ਸਾਨੂੰ ਹਮੇਸ਼ਾਂ ਹਲਕਾ ਘਨੌਰ ਅਤੇ ਪੰਜਾਬ ਦੇ ਲੋਕਾਂ ਲਈ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ। ਝਿੰਜਰ ਨੇ ਕਿਹਾ ਕਿ ਬਾਦਲ ਜੀ ਹਮੇਸ਼ਾ ਲੋਕਾਂ ਦੀ ਭਲਾਈ, ਵਿਕਾਸ ਅਤੇ ਸੁਰੱਖਿਆ ਲਈ ਅੱਗੇ ਰਹਿੰਦੇ ਹਨ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਬਾਦਲ ਜੀ ਦੇ ਸਾਥ ਨਾਲ ਯੂਥ ਅਕਾਲੀ ਦਲ ਹਰ ਹਲਾਤ ਵਿੱਚ ਲੋਕਾਂ ਦੇ ਦੁੱਖ-ਸੁੱਖ, ਹੱਕਾਂ ਅਤੇ ਵਿੱਤ-ਸਮਾਜਿਕ ਸੁਵਿਧਾਵਾਂ ਦੀ ਰੱਖਿਆ ਲਈ ਤਿਆਰ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande