
ਬਰਨਾਲਾ, 17 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਬਰਨਾਲਾ ਵਿੱਚ ਪਦ ਯਾਤਰਾ ਕੱਢੀ ਗਈ। ਇਸ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ੳਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਇਲਾਕਿਆਂ ਅਤੇ ਪਿੰਡ ਸੁੱਖਪੁਰਾ ਮੌੜ, ਕੋਠੇ ਰਜਿੰਦਰਪੁਰਾ, ਕੋਠੇ ਚੂੰਗਾਂ, ਦਾਨਗੜ੍ਹ, ਕਲਾਲਾ, ਮੱਲੀਆਂ, ਦੀਵਾਨਾ, ਗੁਮਟੀ, ਲੋਹਗੜ੍ਹ, ਪੱਖੋ ਕਲਾਂ, ਕ੍ਰਿਪਾਲ ਸਿੰਘ ਵਾਲਾ, ਢਿੱਲਵਾਂ ਪਟਿਆਲਾ, ਨਾਈਵਾਲਾ ਅਤੇ ਬਰਨਾਲਾ ਦੇ ਵਾਰਡ ਨੰਬਰ 4 ਵਿਚ ਜ਼ਿਲ੍ਹਾ ਪ੍ਰਸਾਸ਼ਨ ਅਤੇ ਨਸ਼ਿਆਂ ਖਿਲਾਫ਼ ਪਿੰਡ ਦੇ ਪਹਿਰੇਦਾਰ ਵਜੋਂ ਕੰਮ ਕਰ ਰਹੇ ਪਿੰਡ ਵਾਸੀਆਂ ਨੇ ਇਸ਼ਤਿਹਾਰ, ਝੰਡੇ, ਝੰਡੀਆਂ ਅਤੇ ਹੱਥ ਤਖਤੀਆਂ ਰਾਹੀਂ ਨਸ਼ਿਆਂ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੇ ਪੱਧਰ 'ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਵਿਚ ਲੋਕਾਂ ਨੇ ਭਰਪੂਰ ਉਤਸ਼ਾਹ ਨਾਲ ਹਿੱਸਾ ਲਿਆ।ਇਸ ਯਾਤਰਾ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਜਨਤਾ ਵਿਚ ਜਾਗਰੂਕਤਾ ਫੈਲਾਉਣੀ ਅਤੇ ਇਕ ਨਸ਼ਾ ਮੁਕਤ ਸਮਾਜ ਦੀ ਨੀਂਹ ਰਖਣੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ