
ਅੰਮ੍ਰਿਤਸਰ 18 ਜਨਵਰੀ (ਹਿੰ. ਸ.)। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਵੱਲੋਂ ਵਾਰਡ ਨੰਬਰ 2 ਅਧੀਨ ਪੈਂਦੇ ਪਿੰਡ ਗੁਮਟਾਲਾ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਾਰਡ ਕੌਂਸਲਰ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਨੂੰ ਆਜ਼ਾਦ ਹੋਏ 70 ਸਾਲ ਹੋ ਗਏ ਹਨ ਪਰ ਪਿੰਡ ਗੁਮਟਾਲਾ ਵਰਗਾ ਇਲਾਕਾ ਅਜੇ ਤੱਕ ਸਰਕਾਰੀ ਪੀਣ ਵਾਲੇ ਪਾਣੀ ਦੀ ਸਹੂਲਤ ਤੋਂ ਵਾਂਝਾ ਰਿਹਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਬੁਨਿਆਦੀ ਮੁੱਦੇ ਵੱਲ ਧਿਆਨ ਨਹੀਂ ਦਿੱਤਾ ਪਰ “ਆਪ” ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 70 ਸਾਲਾਂ ਬਾਅਦ ਪਹਿਲੀ ਵਾਰ ਪਿੰਡ ਵਿੱਚ ਪਾਣੀ ਦੀਆਂ ਪਾਈਪਾਂ ਪਾਈਆਂ ਗਈਆਂ ਹਨ ਅਤੇ ਜਲਦ ਹੀ ਇਨ੍ਹਾਂ ਨੂੰ ਟਿਊਬਵੈਲ ਨਾਲ ਜੋੜ ਕੇ ਸਰਕਾਰੀ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਪਿੰਡ ਗੁਮਟਾਲਾ ਦੇ ਲੋਕਾਂ ਦੀ ਇਹ ਬਹੁਤ ਪੁਰਾਣੀ ਮੰਗ ਸੀ, ਜਿਸਨੂੰ ਹੁਣ “ਆਪ” ਸਰਕਾਰ ਨੇ ਪੂਰਾ ਕਰਕੇ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਾਫ਼ ਤੇ ਸੁੱਧ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਨਗਰ ਨਿਗਮ ਵੱਲੋਂ ਇਸ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਟਿਊਬਵੈਲ ਨਾਲ ਜੋੜਨ ਤੋਂ ਬਾਅਦ ਪਿੰਡ ਦੇ ਹਰ ਘਰ ਤੱਕ ਨਿਯਮਿਤ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਅੰਤ ਵਿੱਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ “ਆਪ” ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਣੀ, ਸੜਕਾਂ, ਸਿਵਰੇਜ ਅਤੇ ਸਫ਼ਾਈ ਵਰਗੇ ਮਸਲਿਆਂ ਨੂੰ ਹੋਰ ਵੀ ਪ੍ਰਾਥਮਿਕਤਾ ਦਿੱਤੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ “ਆਪ” ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰੀ ਇਮਾਨਦਾਰੀ ਨਾਲ ਪੂਰਾ ਕਰੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ