
ਜਲੰਧਰ, 23 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮਾਈਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ।
ਸਮਾਗਮ ਦੌਰਾਨ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਸਰਬਉੱਤਮ ਸੱਭਿਆਚਾਰਕ ਪੇਸ਼ਕਾਰੀ ਅਤੇ ਸਰਬਉੱਤਮ ਝਾਕੀ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜਲੰਧਰ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਵੀ ਦਿੱਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ