
ਲੁਧਿਆਣਾ, 07 ਜਨਵਰੀ (ਹਿੰ. ਸ.)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਜਾਰੀ ''ਯੂਥ ਅਗੇਂਸਟ ਡਰੱਗਜ'' ਮੁਹਿੰਮ ਦਾ ਸਫਲ ਆਯੋਜਨ ਹੋਇਆ। ਜ਼ਿਲ੍ਹਾ ਪੱਧਰੀ ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਮਾਣਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਇੱਕ ਮਹੀਨੇ ਦੀ ਡਰਾਈਵ ਚਲਾਈ ਗਈ ਜਿਸ ਵਿੱਚ ਨੁੱਕੜ ਨਾਟਕ, ਸੈਮੀਨਾਰ, ਰੈਲੀਆਂ, ਪ੍ਰਚਾਰ ਸਮੱਗਰੀ ਆਦਿ ਰਾਹੀਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਸਮੇਤ ਸਬ-ਡਵੀਜ਼ਨਾਂ ਦੇ ਵਸਨੀਕਾਂ, ਸਕੂਲ, ਕਾਲਜ ਦੇ ਵਿਦਿਆਰਥੀਆਂ, ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਨੌਜਵਾਨਾਂ, ਜ਼ੇਲ੍ਹ ਬੰਦੀਆਂ ਆਦਿ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਮੁੱਖ ਸਥਾਨਾਂ 'ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੋਸਟਰ ਵੀ ਲਗਾਏ ਗਏ ਜਿਨ੍ਹਾਂ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਰਕਾਰੀ ਇਮਾਰਤਾਂ, ਸਲੱਮ ਏਰੀਏ, ਸ਼ਾਪਿੰਗ ਮਾਲ ਆਦਿ ਸ਼ਾਮਲ ਹਨ। ਇਸ ਮੌਕੇ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਮਾਣਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਰਹਿਨੁੰਮਾਈ ਹੇਠ 06 ਦਸੰਬਰ ਤੋਂ 06 ਜਨਵਰੀ ਤੱਕ ਜ਼ਿਲ੍ਹਾ ਲੁਧਿਆਣਾ ਵਿਖੇ 'ਨਸ਼ਿਆਂ ਵਿਰੁੱਧ ਨੌਜਵਾਨ' ਮੁਹਿੰਮ ਚਲਾਈ ਗਈ ਅਤੇ ਅੱਜ ਜ਼ਿਲ੍ਹਾ ਪੱਧਰੀ ਸਮਾਪਤੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਵਕੀਲ, ਪੈਰਾ ਲੀਗਲ ਵਲੰਟੀਅਰ, ਲਾਅ ਵਿਦਿਆਰਥੀ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਹਰੇਕ ਉਸ ਵਿਅਕਤੀ ਦਾ ਧੰਨਵਾਦ ਕੀਤਾ ਗਿਆ ਜਿਸ ਨੇ ਉਕਤ ਡਰਾਈਵ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ