
ਕੋਲਕਾਤਾ, 09 ਜਨਵਰੀ (ਹਿੰ.ਸ.)। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਕੋਲਕਾਤਾ ਦੇ ਦੋ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਇੰਡੀਆ ਪੋਲੀਟੀਕਲ ਐਕਸ਼ਨ ਕਮੇਟੀ (ਆਈ-ਪੈਕਸ) ਦੇ ਦਫ਼ਤਰ ਅਤੇ ਇਸਦੇ ਸਹਿ-ਸੰਸਥਾਪਕ ਪ੍ਰਤੀਕ ਜੈਨ ਦੇ ਘਰ 'ਤੇ ਇੱਕੋ ਸਮੇਂ ਮਾਰੇ ਗਏ ਛਾਪਿਆਂ ਸੰਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਹਨ।
ਸੂਤਰਾਂ ਅਨੁਸਾਰ, ਇੱਕ ਸ਼ਿਕਾਇਤ ਕੋਲਕਾਤਾ ਪੁਲਿਸ ਦੇ ਅਧੀਨ ਸ਼ੇਕਸਪੀਅਰ ਸਰਨੀ ਪੁਲਿਸ ਸਟੇਸ਼ਨ ਵਿੱਚ, ਜਦੋਂ ਕਿ ਦੂਜੀ ਸ਼ਿਕਾਇਤ ਵਿਧਾਨਨਗਰ ਪੁਲਿਸ ਕਮਿਸ਼ਨਰੇਟ ਦੇ ਅਧੀਨ ਇਲੈਕਟ੍ਰਾਨਿਕ ਕੰਪਲੈਕਸ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਗਈ ਹੈ। ਹਾਲਾਂਕਿ, ਦੋਵਾਂ ਸ਼ਿਕਾਇਤਾਂ ਵਿੱਚ ਨਾ ਤਾਂ ਕਿਸੇ ਈਡੀ ਅਧਿਕਾਰੀ ਅਤੇ ਨਾ ਹੀ ਕਿਸੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੇ ਕਰਮਚਾਰੀ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਸ਼ਿਕਾਇਤਾਂ ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ।
ਇਸ ਦੌਰਾਨ, ਕੋਲਕਾਤਾ ਪੁਲਿਸ ਨੇ ਸ਼ੇਕਸਪੀਅਰ ਸਰਨੀ ਪੁਲਿਸ ਸਟੇਸ਼ਨ ਵਿੱਚ ਇੱਕ ਸੂਓ ਮੋਟੂ ਕੇਸ ਵੀ ਦਰਜ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਦਾਇਰ ਸ਼ਿਕਾਇਤਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਕੇਂਦਰੀ ਸਿੱਖਿਆ ਰਾਜ ਮੰਤਰੀ ਅਤੇ ਪੱਛਮੀ ਬੰਗਾਲ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਕਾਂਤਾ ਮਜੂਮਦਾਰ ਨੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਇੱਕ ਮੁੱਖ ਮੰਤਰੀ ਕਿਸੇ ਕਾਰੋਬਾਰੀ ਨੂੰ ਬਚਾਉਣ ਲਈ ਦੋ ਥਾਣਿਆਂ ਵਿੱਚ ਸ਼ਿਕਾਇਤਾਂ ਦਰਜ ਕਰਵਾ ਰਹੀ ਹਨ। ਮਜੂਮਦਾਰ ਨੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਦੀ ਮਾਣ-ਮਰਿਆਦਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ।ਜ਼ਿਕਰਯੋਗ ਹੈ ਕਿ ਇਸ ਮਾਮਲੇ ਨਾਲ ਸਬੰਧਤ ਤਿੰਨ ਵੱਖ-ਵੱਖ ਪਟੀਸ਼ਨਾਂ 'ਤੇ ਸ਼ੁੱਕਰਵਾਰ ਨੂੰ ਕਲਕੱਤਾ ਹਾਈ ਕੋਰਟ ਦੇ ਜਸਟਿਸ ਸ਼ੁਭਰਾ ਘੋਸ਼ ਦੀ ਸਿੰਗਲ ਬੈਂਚ ਵੱਲੋਂ ਸੁਣਵਾਈ ਕੀਤੀ ਜਾਣੀ ਹੈ। ਮੁੱਖ ਪਟੀਸ਼ਨ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਉਨ੍ਹਾਂ ਦੇ ਸੰਵਿਧਾਨਕ ਅਹੁਦੇ ਦੀ ਦੁਰਵਰਤੋਂ ਕਰਨ ਅਤੇ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਦੇ ਅਧਿਕਾਰਤ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ, ਈਡੀ ਦੀ ਪਟੀਸ਼ਨ ਦੇ ਵਿਰੁੱਧ ਦੋ ਜਵਾਬੀ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਇੱਕ ਪ੍ਰਤੀਕ ਜੈਨ ਦੁਆਰਾ ਅਤੇ ਦੂਜੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੁਆਰਾ। ਇਸ ਮਾਮਲੇ ਨੇ ਰਾਜ ਵਿੱਚ ਰਾਜਨੀਤਿਕ ਹੰਗਾਮਾ ਛੇੜ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ