ਧੂਰੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਲਈ ਟਰੇਨਿੰਗ ਕਰਵਾਈ
ਧੂਰੀ, 09 ਜਨਵਰੀ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ
ਧੂਰੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਲਈ ਟਰੇਨਿੰਗ ਕਰਵਾਏ ਜਾਣ ਦਾ ਦ੍ਰਿਸ਼.


ਧੂਰੀ, 09 ਜਨਵਰੀ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪੜਾਅ ਤਹਿਤ 10 ਜਨਵਰੀ ਤੋਂ 30 ਜਨਵਰੀ ਤੱਕ ਪੰਜਾਬ ਦੇ ਹਰ ਪਿੰਡ, ਮੁਹੱਲੇ, ਗਲੀ ਅਤੇ ਕੋਨੇ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾਵਾਂ ਕੱਢੀਆਂ ਜਾਣਗੀਆਂ, ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਲੋਕ-ਅੰਦੋਲਨ ਨਾਲ ਜੋੜਿਆ ਜਾ ਸਕੇ।

ਇਹ ਪ੍ਰਗਟਾਵਾ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਪਿੰਡ ਬਰੜਵਾਲ ਵਿਖੇ ਧੂਰੀ ਹਲਕੇ ਦੇ ਸਰਪੰਚਾਂ, ਪੰਚਾਇਤ ਸਕੱਤਰਾਂ ਅਤੇ ਵਲੰਟੀਅਰਾਂ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਸਬੰਧੀ ਕਰਵਾਈ ਗਈ ਟਰੇਨਿੰਗ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਸਖ਼ਤ ਕਾਰਵਾਈ ਕੀਤੀ ਗਈ, ਜਿਸ ਨਾਲ ਨਾ ਸਿਰਫ਼ ਸਜ਼ਾ ਦਰ ਵਿੱਚ ਵਾਧਾ ਹੋਇਆ, ਸਗੋਂ ਲੋਕਾਂ ਦੀ ਭਾਗੀਦਾਰੀ ਵੀ ਕਾਫ਼ੀ ਵਧੀ। ਉਨ੍ਹਾਂ ਨੇ ਕਿਹਾ ਕਿ ਦੂਜਾ ਪੜਾਅ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਨੂੰ ਇਕਜੁਟ ਕਰੇਗਾ।

ਇਸ ਮੌਕੇ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸਥਾਨਕ ਲੋਕਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਸਬੰਧਤ ਵਿਭਾਗਾਂ ਤੱਕ ਪਹੁੰਚਾਉਣ।

ਇਸ ਦੌਰਾਨ ਡੀ.ਐਸ.ਪੀ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਿਆਂ ਨਾਲ ਜੁੜੇ ਹਰ ਗੈਰਕਾਨੂੰਨੀ ਧੰਦੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਾ ਦਾ ਸਹਿਯੋਗ ਮਿਲਣ ਨਾਲ ਨਸ਼ਿਆਂ ਵਿਰੁੱਧ ਲੜਾਈ ਹੋਰ ਪ੍ਰਭਾਵਸ਼ਾਲੀ ਬਣੇਗੀ।

ਟਰੇਨਿੰਗ ਦੌਰਾਨ ਹਾਜ਼ਰੀਨ ਨੇ ਭਰੋਸਾ ਦਿੱਤਾ ਕਿ ਸਾਰੀਆਂ ਪੰਚਾਇਤਾਂ, ਵਲੰਟੀਅਰ ਅਤੇ ਸਮਾਜਿਕ ਸੰਸਥਾਵਾਂ ਮਿਲ ਕੇ ਨਸ਼ਿਆਂ ਵਿਰੁੱਧ ਇਸ ਲੜਾਈ ਨੂੰ ਕਾਮਯਾਬ ਬਣਾਉਣਗੀਆਂ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਸੁਪਨਾ ਸਾਕਾਰ ਹੋ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande