
ਚੰਡੀਗੜ੍ਹ, 01 ਅਕਤੂਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਚੋਣ ਮੁਹਿੰਮ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਪਾਰਟੀ ਵੱਲੋਂ 6 ਅਕਤੂਬਰ ਤੋਂ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਦਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬੱਸ ਯਾਤਰਾ 10 ਨਵੰਬਰ ਤੋਂ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਪਾਰਟੀ ਵੱਲੋਂ 1 ਨਵੰਬਰ ਨੂੰ ਚੋਣ ਮਨੋਰਥ ਪੱਤਰ ਜਾਰੀ ਕਰਨ ਅਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਵਿਸ਼ਾਲ ਜਨਤਕ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਹ ਐਲਾਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਆਗੂਆਂ ਮੁਤਾਬਕ ਇਹ ਫੈਸਲੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਇੰਚਾਰਜਾਂ ਅਤੇ ਆਬਜ਼ਰਵਰਾਂ ਦੀ ਮੀਟਿੰਗ ਵਿੱਚ ਲਏ ਗਏ ਹਨ।
ਪਾਰਟੀ ਵੱਲੋਂ ਦੱਸਿਆ ਗਿਆ ਕਿ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਮੁਹਿੰਮ ਅਟਾਰੀ ਤੋਂ ਸ਼ੁਰੂ ਹੋਵੇਗੀ ਅਤੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਚਲਾਈ ਜਾਵੇਗੀ। ਇਸ ਦੌਰਾਨ ਲੋਕਾਂ ਤੋਂ ਚੋਣ ਮਨੋਰਥ ਪੱਤਰ ਲਈ ਸੁਝਾਅ ਲਏ ਜਾਣਗੇ। ਪਾਰਟੀ ਆਗੂਆਂ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਸਮੇਤ ਵੱਖ-ਵੱਖ ਵਰਗਾਂ ਤੋਂ ਪਹਿਲਾਂ ਹੀ ਸੁਝਾਅ ਲੈਣ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦਕਿ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ 25 ਅਕਤੂਬਰ ਤੱਕ ਮੁਕੰਮਲ ਕਰਨ ਦੀ ਗੱਲ ਆਖੀ ਗਈ ਹੈ।
ਇਸੇ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇ। ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰੋ ਨਸ਼ਾ ਵਪਾਰ’ ਦੇ ਨਾਂ ਹੇਠ ਇਹ ਮੁਹਿੰਮ ਸੂਬੇ ਦੇ ਘਰ-ਘਰ ਤੱਕ ਪਹੁੰਚਾਉਣ ਦਾ ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਹੈ।
10 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਬੱਸ ਯਾਤਰਾ ਦੌਰਾਨ ਸੁਖਬੀਰ ਬਾਦਲ ਵੱਲੋਂ ਰੋਜ਼ਾਨਾ ਦੋ ਤੋਂ ਤਿੰਨ ਵਿਧਾਨ ਸਭਾ ਹਲਕੇ ਕਵਰ ਕੀਤੇ ਜਾਣਗੇ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ।
ਡਾ. ਚੀਮਾ ਨੇ ਪਾਰਟੀ ਅਤੇ ਇਸਦੇ ਆਗੂਆਂ ਖ਼ਿਲਾਫ਼ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕਥਿਤ ਕੂੜ ਪ੍ਰਚਾਰ ਨਾਲ ਨਜਿੱਠਣ ਲਈ 10 ਮੈਂਬਰੀ ਵਕੀਲਾਂ ਦੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 25 ਰੁਪਏ ਦੇ ਵਾਧੇ ’ਤੇ ਸਵਾਲ ਉਠਾਉਂਦਿਆਂ ਕੇਂਦਰ ਸਰਕਾਰ ਤੋਂ ਫੈਸਲੇ ਦੀ ਮੁੜ ਸਮੀਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਕੀਮਤ ਕਿਸਾਨਾਂ ਦੀ ਲਾਗਤ ਦੇ ਮੁਕਾਬਲੇ ਕਾਫ਼ੀ ਨਹੀਂ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH