
ਫਰੀਦਕੋਟ, 01 ਅਕਤੂਬਰ (ਹਿੰ.ਸ.)| ਥਾਣਾ ਜੈਤੋ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਇਲਾਕੇ ਵਿੱਚ ਕਥਿਤ ਤੌਰ 'ਤੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ 5 ਮੈਂਬਰਾਂ ਨੂੰ ਵੱਡੀ ਗਿਣਤੀ ਵਿੱਚ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੱਸੀ ਸੰਧੂ, ਰਾਜ, ਕੁਲਦੀਪ ਸਿੰਘ ਤਿੰਨੇ ਵਾਸੀ ਜੈਤੋ, ਯੁਵਰਾਜ ਬਾਜਾਖਾਨਾ ਅਤੇ ਛੋਟੂ ਵਜੋਂ ਹੋਈ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਏਐੱਸਆਈ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਦਾਲਾਂ ਮੰਡੀ ਨੇੜੇ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਪੰਜੇ ਮੁਲਜ਼ਮ ਕਥਿਤ ਤੌਰ 'ਤੇ ਲੁੱਟਪਾਟ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ ਅਤੇ ਕੋਟਕਪੂਰਾ ਰੋਡ 'ਤੇ ਸਥਿਤ ਇੱਕ ਸੁੰਨਸਾਨ ਇੱਟਾਂ ਦੇ ਭੱਠੇ 'ਤੇ ਇਕੱਠੇ ਹੋ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਭੱਠੇ 'ਤੇ ਛਾਪੇਮਾਰੀ ਕੀਤੀ ਅਤੇ ਪੰਜਾਂ ਮੁਲਜ਼ਮਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ।
ਪੁਲਿਸ ਮੁਤਾਬਕ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕਈ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚ ਇੱਕ ਖੰਡਾ, ਇੱਕ ਕਾਪਾ, ਇੱਕ ਦਾਤਰ, ਇੱਕ ਟੋਕਾ ਅਤੇ ਇੱਕ ਲੋਹੇ ਦੀ ਪਾਈਪ ਸ਼ਾਮਲ ਹੈ। ਡੀਐੱਸਪੀ ਜੈਤੋ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਇਲਾਕੇ ਵਿੱਚ ਪਹਿਲਾਂ ਹੋਈਆਂ ਹੋਰ ਲੁੱਟਪਾਟ ਅਤੇ ਅਪਰਾਧਿਕ ਵਾਰਦਾਤਾਂ ਸਬੰਧੀ ਵੀ ਅਹਿਮ ਸੁਰਾਗ ਮਿਲ ਸਕਦੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH