
ਮੋਹਾਲੀ ਵਿੱਚ ਮਹਾਰਾਜਾ ਅਗਰਸੈਨ ਜਯੰਤੀ ਮੌਕੇ ਵਿਧਾਇਕ ਨੇ ਯਾਤਰਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਚੰਡੀਗੜ੍ਹ, 11 ਅਕਤੂਬਰ (ਹਿੰ.ਸ.)|
ਮੋਹਾਲੀ, 11 ਅਕਤੂਬਰ: ਪੰਜਾਬ ਹਮੇਸ਼ਾ ਤੋਂ ਹੀ ਸਰਬ ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਰਿਹਾ ਹੈ। ਇਹ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ, ਜਿੱਥੇ ਹਰ ਧਰਮ ਦੇ ਲੋਕ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਮਹਾਰਾਜਾ ਅਗਰਸੈਨ ਜਯੰਤੀ ਮੌਕੇ ਕੱਢੀ ਗਈ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਇਹ ਯਾਤਰਾ ਫੇਜ਼-11 ਤੋਂ ਸ਼ੁਰੂ ਹੋ ਕੇ ਮੋਹਾਲੀ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਵਿੱਚੋਂ ਲੰਘੇਗੀ। ਇਸ ਮੌਕੇ ਉਨ੍ਹਾਂ ਨੇ ਮਹਾਰਾਜਾ ਅਗਰਸੈਨ ਜਯੰਤੀ ਦੀਆਂ ਸਮੂਹ ਲੋਕਾਂ ਨੂੰ ਵਧਾਈਆਂ ਦਿੱਤੀਆਂ ਅਤੇ ਅਪੀਲ ਕੀਤੀ ਕਿ ਉਹ ਮਹਾਰਾਜਾ ਅਗਰਸੈਨ ਦੇ ਆਦਰਸ਼ਾਂ ’ਤੇ ਚੱਲ ਕੇ ਸਮਾਜ ਦੀ ਭਲਾਈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਹਰ ਵਰਗ ਨੂੰ ਬਿਨਾਂ ਕਿਸੇ ਜਾਤ-ਪਾਤ ਜਾਂ ਧਰਮ ਦੇ ਭੇਦਭਾਵ ਤੋਂ ਦਿੱਤਾ ਜਾ ਰਿਹਾ ਹੈ। ਸਰਕਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਲਈ ਵੀ ਲਗਾਤਾਰ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਪੁਰਖਿਆਂ ਵੱਲੋਂ ਦਿੱਤੀ ਵਿਰਾਸਤ ਅਤੇ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ, ਮੁਹੱਲਾ ਕਲੀਨਿਕਾਂ ਅਤੇ ਬਿਜਲੀ ਬਿੱਲਾਂ ਵਿੱਚ ਰਾਹਤ ਵਰਗੀਆਂ ਸਹੂਲਤਾਂ ਰਾਹੀਂ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।
ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਸਮੇਤ ਹੋਰ ਮਹੱਤਵਪੂਰਨ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਖਾਟੂ ਸ਼ਿਆਮ, ਬਾਲਾਸਰ, ਵਰਿੰਦਾਵਨ, ਹਰਿਦੁਆਰ ਅਤੇ ਰਿਸ਼ੀਕੇਸ਼ ਵਰਗੇ ਧਾਰਮਿਕ ਸਥਾਨਾਂ ਲਈ ਵੀ ਸ਼ਰਧਾਲੂਆਂ ਦੇ ਜਥੇ ਭੇਜੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਹਰ ਧਰਮ ਅਤੇ ਹਰ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ। ਨਰਾਤਿਆਂ ਦੀ ਸ਼ੁਰੂਆਤ ਮੌਕੇ ਉਨ੍ਹਾਂ ਮਾਤਾ ਰਾਣੀ ਅੱਗੇ ਸੂਬੇ ਦੀ ਖੁਸ਼ਹਾਲੀ, ਸ਼ਾਂਤੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਰਾਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ ਅਤੇ ਕੌਂਸਲਰ ਅਮਰਜੀਤ ਸਿੰਘ, ਅਰੁਣ ਗੋਇਲ, ਗੁਰਮੁਖ ਸਿੰਘ ਸੋਹਲ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ ਸਿੱਧੂ ਅਤੇ ਬਲਜੀਤ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH