
ਚੰਡੀਗੜ੍ਹ, 11 ਅਕਤੂਬਰ (ਹਿੰ.ਸ.)| ਪੰਜਾਬ ਵਿੱਚ ਮੀਂਹ ਤੋਂ ਬਾਅਦ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਪਾਣੀ ਵਿੱਚ ਭਿੱਜਣ ਦੇ ਮਾਮਲਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਾਣੀ ਦੀ ਨਿਕਾਸੀ ਅਤੇ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧਾਂ ਦੀ ਘਾਟ ਨੇ ਸਰਕਾਰ ਦੀ ਤਿਆਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਫਾਜ਼ਿਲਕਾ ਦੀ ਦਾਣਾ ਮੰਡੀ ਸਮੇਤ ਸੂਬੇ ਦੇ ਵੱਖ-ਵੱਖ ਇਲਾਕਿਆਂ ਤੋਂ ਸਾਹਮਣੇ ਆ ਰਹੀਆਂ ਤਸਵੀਰਾਂ ਚਿੰਤਾਜਨਕ ਹਨ। ਕਿਸਾਨਾਂ ਵੱਲੋਂ ਮਹੀਨਿਆਂ ਦੀ ਮਿਹਨਤ ਅਤੇ ਭਾਰੀ ਖ਼ਰਚ ਨਾਲ ਤਿਆਰ ਕੀਤੀ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਮੀਂਹ ਦੇ ਪਾਣੀ ਦੀ ਮਾਰ ਹੇਠ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਨੂੰ ਪੁੱਤਾਂ ਵਾਂਗ ਪਾਲਦੇ ਹਨ, ਪਰ ਮੰਡੀਆਂ ਵਿੱਚ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਦੀ ਮਿਹਨਤ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜ਼ਨ ਦੀ ਸ਼ੁਰੂਆਤ ਵਿੱਚ ਹੀ ਮੰਡੀਆਂ ਦੇ ਅਜਿਹੇ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ। ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦੀ ਉਪਲਬਧਤਾ, ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਸਟੇਜਾਂ ’ਤੇ ਚੁਟਕਲੇ ਸੁਣਾਉਣ ਦੀ ਬਜਾਏ ਮੰਡੀਆਂ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸੁਰੱਖਿਆ ਲਈ ਬੁਨਿਆਦੀ ਸਹੂਲਤਾਂ ਵੀ ਨਾ ਮਿਲਣਾ ਮੰਦਭਾਗਾ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਮੰਡੀਆਂ ਦਾ ਜਾਇਜ਼ਾ ਲਵੇ, ਪਾਣੀ ਦੀ ਨਿਕਾਸੀ ਦੇ ਪ੍ਰਬੰਧ ਸੁਧਾਰੇ ਅਤੇ ਫ਼ਸਲ ਨੂੰ ਸੁਰੱਖਿਅਤ ਰੱਖਣ ਲਈ ਲੋੜੀਂਦੀਆਂ ਤਰਪਾਲਾਂ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ ਤਾਂ ਉਸ ਦੀ ਸਥਿਤੀ ਦਾ ਮੁਲਾਂਕਣ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਢੁੱਕਵੇਂ ਕਦਮ ਚੁੱਕੇ ਜਾਣ।
ਢਿੱਲੋਂ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫ਼ਸਲ ਦੀ ਸੰਭਾਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਉਜਾਗਰ ਕਰਦੀ ਰਹੇਗੀ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH