ਮੋਹਾਲੀ ’ਚ ‘ਖੇਡਾਂ ਵਤਨ ਪੰਜਾਬ ਦੀਆਂ-2026-27’ ਤਹਿਤ ਰਾਜ ਪੱਧਰੀ ਕਰਾਟੇ ਮੁਕਾਬਲੇ ਸ਼ੁਰੂ, 500 ਦੇ ਕਰੀਬ ਖਿਡਾਰਨਾਂ ਨੇ ਲਿਆ ਹਿੱਸਾ
ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਿਰਕਤ, ਕਿਹਾ-ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਅਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ’ਚ ਅਹਿਮ ਮੋਹਾਲੀ, 11 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026-27’ ਤਹਿਤ ਮੋਹਾਲੀ ਵਿਖੇ ਰਾਜ ਪੱਧ
ਵਿਧਾਇਕ ਕੁਲਵੰਤ ਸਿੰਘ ਸ਼ੁਰੂਆਤ ਕਰਦੇ ਹੋਏ।


ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਿਰਕਤ, ਕਿਹਾ-ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਅਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ’ਚ ਅਹਿਮ

ਮੋਹਾਲੀ, 11 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026-27’ ਤਹਿਤ ਮੋਹਾਲੀ ਵਿਖੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋਈ। ਮੁਕਾਬਲਿਆਂ ਦੇ ਪਹਿਲੇ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 500 ਖਿਡਾਰਨਾਂ ਨੇ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਉਦਘਾਟਨੀ ਸਮਾਰੋਹ ਦੌਰਾਨ ਗੱਤਕਾ, ਜਿਮਨਾਸਟਿਕ, ਭੰਗੜੇ ਅਤੇ ਕਰਾਟੇ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਨੇ ਸਮਾਗਮ ਨੂੰ ਖ਼ਾਸ ਰੰਗਤ ਦਿੱਤੀ। ਮੁਕਾਬਲਿਆਂ ਵਿੱਚ ਅੰਡਰ-14, 21 ਤੋਂ 30 ਸਾਲ ਅਤੇ 31 ਤੋਂ 40 ਸਾਲ ਉਮਰ ਵਰਗ ਦੀਆਂ ਖਿਡਾਰਨਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਰੋਹ ਵਿੱਚ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਹਲਕਾ ਖਰੜ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਅਤੇ ਨਗਰ ਨਿਗਮ ਮੋਹਾਲੀ ਦੀ ਕੌਂਸਲਰ ਗੁਰਪ੍ਰੀਤ ਕੌਰ ਨੇ ਸ਼ਿਰਕਤ ਕਰਦਿਆਂ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਅਜਿਹੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਯੋਗਤਾ ਸਾਬਤ ਕਰਨ ਅਤੇ ਜ਼ਿਲ੍ਹਾ, ਰਾਜ, ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪਛਾਣ ਬਣਾਉਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਨ੍ਹਾਂ ਨਾਲ ਅਨੁਸ਼ਾਸਨ, ਮਿਹਨਤ, ਸਮਰਪਣ ਅਤੇ ਖੇਡ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਖਿਡਾਰਨਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੇ ਮਾਪਿਆਂ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੌਜੂਦ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ।ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨਾਂ ਵੱਲੋਂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਹੋਰ ਪ੍ਰਾਪਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande