
ਧੂਰੀ ਵਿਖੇ ਬਣਾਇਆ ਜਾ ਰਿਹੈ ਵਿਸ਼ਵ ਪੱਧਰੀ ਸਕੇਟਿੰਗ ਟਰੈਕ, ਖੇਡਾਂ ਲਈ 1,790 ਕਰੋੜ ਰੁਪਏ ਦਾ ਬਜਟ ਅਲਾਟ
ਸੰਗਰੂਰ, 12 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੀ ਹੈ, ਤਾਂ ਜੋ ਇੱਥੋਂ ਦੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਵਧੇਰੇ ਮੌਕੇ ਮਿਲ ਸਕਣ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਕੌਮੀ ਤਗਮੇ ਜਿੱਤ ਰਹੇ ਹਨ ਅਤੇ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਧੂਰੀ ਵਿਖੇ ਵਿਸ਼ਵ ਪੱਧਰੀ ਸਕੇਟਿੰਗ ਟਰੈਕ ਤਿਆਰ ਕੀਤਾ ਜਾ ਰਿਹਾ ਹੈ।
ਸਕੇਟਿੰਗ ਟਰੈਕ ਵਿਖੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੇਟਿੰਗ ਇੱਕ ਚੁਣੌਤੀਪੂਰਨ ਖੇਡ ਹੈ, ਜਿਸ ਲਈ ਬੇਮਿਸਾਲ ਹੁਨਰ, ਤਕਨੀਕ ਅਤੇ ਸਮਰਪਣ ਦੀ ਲੋੜ ਹੁੰਦੀ ਹੈ। ਉਨ੍ਹਾਂ 19ਵੀਆਂ ਅਤੇ 20ਵੀਆਂ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪਾਂ ਵਿੱਚ ਚਾਂਦੀ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਮਾਪਿਆਂ ਤੇ ਕੋਚਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਦੋ ਸਕੇਟਿੰਗ ਟਰੈਕ ਮੌਜੂਦ ਹਨ ਅਤੇ ਧੂਰੀ ਵਿੱਚ ਇੱਕ ਹੋਰ ਸ਼ਾਨਦਾਰ ਟਰੈਕ ਬਣਾਇਆ ਜਾ ਰਿਹਾ ਹੈ। ਸਰਕਾਰ ਇਹ ਯਕੀਨੀ ਬਣਾਏਗੀ ਕਿ ਖਿਡਾਰੀਆਂ ਦੀ ਤਰੱਕੀ ਵਿੱਚ ਸਹੂਲਤਾਂ ਜਾਂ ਸਰੋਤਾਂ ਦੀ ਘਾਟ ਰੁਕਾਵਟ ਨਾ ਬਣੇ।
ਖੇਡਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ 1,790 ਕਰੋੜ ਰੁਪਏ ਦਾ ਖੇਡ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰ ਰਿਹਾ ਹੈ। ਇਸ ਤੋਂ ਇਲਾਵਾ, ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 3,000 ਤੋਂ ਵੱਧ ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਅਤੇ ਜਿੰਮ ਸਥਾਪਤ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਮਾੜੀ ਸੰਗਤ ਤੋਂ ਦੂਰ ਰੱਖਣ ਵਿੱਚ ਮਦਦ ਕਰਦੀਆਂ ਹਨ।
ਉਨ੍ਹਾਂ ਪੰਜਾਬ ਦੀ ਖੇਡ ਵਿਰਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸ ਮੌਕੇ ਲੜਕਿਆਂ ਅਤੇ ਲੜਕੀਆਂ ਦੇ ਸਪੀਡ ਸਕੇਟਿੰਗ ਮੁਕਾਬਲੇ ਵੀ ਕਰਵਾਏ ਗਏ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਜਾਰੀ ਰੱਖੇਗੀ, ਤਾਂ ਜੋ ਪੰਜਾਬ ਵਿੱਚੋਂ ਚੈਂਪੀਅਨਾਂ ਦੀ ਨਵੀਂ ਪੀੜ੍ਹੀ ਤਿਆਰ ਕੀਤੀ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH