
ਪੰਜ ਮਹੀਨੇ ਪਹਿਲਾਂ ਭਾਜਪਾ ’ਚ ਹੋਏ ਸਨ ਸ਼ਾਮਲ, ਸਮਰਥਕਾਂ ਸਮੇਤ ਅਕਾਲੀ ਦਲ ’ਚ ਵਾਪਸੀ ਕਰਦਿਆਂ ਹੀ ਮਿਲੀ ਵੱਡੀ ਜ਼ਿੰਮੇਵਾਰੀ
ਮਾਨਸਾ, 12 ਅਕਤੂਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਨੇ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵੀਂ ਨਿਯੁਕਤੀ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਸੇਵਾਮੁਕਤ ਪਟਵਾਰੀ ਬਲਵਿੰਦਰ ਸਿੰਘ ਹਾਕਮਵਾਲਾ ਨੂੰ ਬੁਢਲਾਡਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ।
ਬਲਵਿੰਦਰ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਹਾਕਮਵਾਲਾ ਦੇ ਰਹਿਣ ਵਾਲੇ ਹਨ। ਖ਼ਾਸ ਗੱਲ ਇਹ ਹੈ ਕਿ ਉਹ ਕਰੀਬ ਪੰਜ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ। ਸੋਮਵਾਰ ਨੂੰ ਉਹ ਆਪਣੇ ਸਮਰਥਕਾਂ ਸਮੇਤ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਸਥਿਤ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਪਹੁੰਚੇ ਅਤੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਵਾਪਸੀ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਬੁਢਲਾਡਾ ਹਲਕੇ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ।ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਬਲਵਿੰਦਰ ਸਿੰਘ ਹਕਮਵਾਲਾ ਦੀ ਨਿਯੁਕਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਦਾ ਹਲਕੇ ਦੇ ਲੋਕਾਂ ਨਾਲ ਗਹਿਰਾ ਸਬੰਧ ਹੈ ਅਤੇ ਇਲਾਕੇ ਵਿੱਚ ਉਨ੍ਹਾਂ ਦੀ ਚੰਗੀ ਪਛਾਣ ਹੈ। ਉਨ੍ਹਾਂ ਉਮੀਦ ਜਤਾਈ ਕਿ ਬਲਵਿੰਦਰ ਸਿੰਘ ਹਕਮਵਾਲਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁਢਲਾਡਾ ਹਲਕੇ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਹਕਮਵਾਲਾ ਨੇ 17 ਸਤੰਬਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣੇ ਫੈਸਲੇ ਪਿੱਛੇ ਸਿਹਤ ਸਬੰਧੀ ਸਮੱਸਿਆਵਾਂ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਆਰਥਿਕ ਹਾਲਾਤਾਂ ਦਾ ਹਵਾਲਾ ਦਿੱਤਾ ਸੀ। ਇਸ ਤੋਂ ਬਾਅਦ ਪਾਰਟੀ ਵੱਲੋਂ ਬਲਵਿੰਦਰ ਸਿੰਘ ਹਕਮਵਾਲਾ ਨੂੰ ਹਲਕੇ ਦੀ ਕਮਾਨ ਸੌਂਪੀ ਗਈ ਹੈ। ਹੁਣ ਉਨ੍ਹਾਂ ਸਾਹਮਣੇ ਬੁਢਲਾਡਾ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ਦੀ ਚੁਣੌਤੀ ਹੋਵੇਗੀ। ਫਿਲਹਾਲ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਪੰਜਾਬ ਵਿਧਾਨ ਸਭਾ ਵਿੱਚ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH