ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਤੇ ਸੰਵਿਧਾਨਕ ਰਾਹ ਅਪਣਾਵਾਂਗੇ: ਭਗਵੰਤ ਮਾਨ
ਹਵਾਰਾ ਦੀ ਪੈਰੋਲ ਦਾ ਮਾਮਲਾ ਕੇਂਦਰ ਕੋਲ ਉਠਾਇਆ, ਭਿਓਰਾ ਤੇ ਤਾਰਾ ਦੀ ਪੈਰੋਲ ਲਈ ਰਾਜਪਾਲ ਨਾਲ ਕਰਨਗੇ ਗੱਲਬਾਤ ਚੰਡੀਗੜ੍ਹ, 12 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਏਗੀ।
ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਹਵਾਰਾ ਦੀ ਪੈਰੋਲ ਦਾ ਮਾਮਲਾ ਕੇਂਦਰ ਕੋਲ ਉਠਾਇਆ, ਭਿਓਰਾ ਤੇ ਤਾਰਾ ਦੀ ਪੈਰੋਲ ਲਈ ਰਾਜਪਾਲ ਨਾਲ ਕਰਨਗੇ ਗੱਲਬਾਤ

ਚੰਡੀਗੜ੍ਹ, 12 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਏਗੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਤੱਕ ਅਣਸੁਲਝਿਆ ਨਹੀਂ ਛੱਡਿਆ ਜਾ ਸਕਦਾ ਅਤੇ ਸਰਕਾਰ ਇਸ ਦੇ ਢੁੱਕਵੇਂ ਹੱਲ ਲਈ ਗੰਭੀਰਤਾ ਨਾਲ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਇਹ ਗੱਲ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ, ਸਿੱਖ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਰਕਾਰ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਇਸ ਮਾਮਲੇ ਵਿੱਚ ਹਰ ਸੰਭਵ ਸਹਾਇਤਾ ਕਰੇਗੀ ਅਤੇ ਇਨਸਾਫ਼ ਲਈ ਯਤਨਾਂ ਵਿੱਚ ਕੋਈ ਕਸਰ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਭਰੋਸਾ ਦੇ ਚੁੱਕੀ ਹੈ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਇਮ ਰੱਖੀ ਜਾਵੇਗੀ। ਉਨ੍ਹਾਂ ਅਫ਼ਸੋਸ ਜਤਾਇਆ ਕਿ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕੇਂਦਰ ਵੱਲੋਂ ਹਾਲੇ ਤੱਕ ਪੈਰੋਲ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।

ਭਗਵੰਤ ਮਾਨ ਨੇ ਕਿਹਾ ਕਿ ਉਹ ਬੁੜੈਲ ਜੇਲ੍ਹ ਵਿੱਚ ਬੰਦ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦਾ ਮੁੱਦਾ ਵੀ ਪੰਜਾਬ ਦੇ ਰਾਜਪਾਲ ਕੋਲ ਉਠਾਉਣਗੇ, ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ। ਉਨ੍ਹਾਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਹਰੇਕ ਮਾਮਲੇ ਦੇ ਕਾਨੂੰਨੀ ਪਹਿਲੂਆਂ ਦੀ ਜਾਂਚ ਕਰਨ ਲਈ ਵੀ ਕਿਹਾ, ਤਾਂ ਜੋ ਕੋਈ ਢੁੱਕਵਾਂ ਹੱਲ ਕੱਢਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਨੂੰ ਕੁਝ ਦਿਨਾਂ ਦੀ ਪੈਰੋਲ ਮਿਲਣ ਨਾਲ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਾਮਲਿਆਂ ਵਿੱਚ ਵੀ ਅੱਗੇ ਵਧਣ ਦਾ ਰਾਹ ਖੁੱਲ੍ਹ ਸਕਦਾ ਹੈ। ਉਨ੍ਹਾਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ।

ਉਨ੍ਹਾਂ ਕਿਹਾ ਕਿ ਸਰਕਾਰ ਮਨੁੱਖਤਾ, ਇਨਸਾਫ਼ ਅਤੇ ਕਾਨੂੰਨੀ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਕਾਨੂੰਨੀ ਤਰੀਕਿਆਂ ਰਾਹੀਂ ਇਨਸਾਫ਼ ਯਕੀਨੀ ਬਣਾਉਣ ਲਈ ਸਰਕਾਰ ਜ਼ਰੂਰੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗੀ।

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ, ਵਧੀਕ ਮੁੱਖ ਸਕੱਤਰ ਗ੍ਰਹਿ ਆਲੋਕ ਸ਼ੇਖਰ, ਜੇਲ੍ਹ ਵਿਭਾਗ ਦੀ ਪ੍ਰਮੁੱਖ ਸਕੱਤਰ ਭਾਵਨਾ ਗਰਗ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande