ਪਰਾਲੀ ਸਾੜਨ ਤੋਂ ਰੋਕਣ ਲਈ ਹਰਿਆਣਾ ਦੇ 8,535 ਪਿੰਡ ਪੱਧਰੀ ਨੋਡਲ ਅਧਿਕਾਰੀ ਤਾਇਨਾਤ
ਚੰਡੀਗੜ੍ਹ, 13 ਅਕਤੂਬਰ (ਹਿੰ.ਸ.)| ਹਰਿਆਣਾ ਸਰਕਾਰ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬੇ ਵਿੱਚ ਨਿਗਰਾਨੀ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਇਸ ਤਹਿਤ ਪਿੰਡ ਪੱਧਰ ’ਤੇ 8,535 ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ‘ਪਰਾਲੀ ਸੁਰੱਖਿਆ ਬਲ’ ਦਾ ਗਠ
ਪਰਾਲੀ ਸਾੜਨ ਤੋਂ ਰੋਕਣ ਲਈ ਹਰਿਆਣਾ ਦੇ 8,535 ਪਿੰਡ ਪੱਧਰੀ ਨੋਡਲ ਅਧਿਕਾਰੀ ਤਾਇਨਾਤ


ਚੰਡੀਗੜ੍ਹ, 13 ਅਕਤੂਬਰ (ਹਿੰ.ਸ.)| ਹਰਿਆਣਾ ਸਰਕਾਰ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬੇ ਵਿੱਚ ਨਿਗਰਾਨੀ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਇਸ ਤਹਿਤ ਪਿੰਡ ਪੱਧਰ ’ਤੇ 8,535 ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ‘ਪਰਾਲੀ ਸੁਰੱਖਿਆ ਬਲ’ ਦਾ ਗਠਨ ਕੀਤਾ ਗਿਆ ਹੈ। ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਇਹ ਜਾਣਕਾਰੀ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਕੇਂਦਰ ਸਰਕਾਰ ਵੱਲੋਂ ਕਰਵਾਈ ਅੰਤਰ-ਮੰਤਰਾਲਾ ਮੀਟਿੰਗ ਦੌਰਾਨ ਦਿੱਤੀ।

ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ ਰਾਣਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਦੇ ਕਦਮਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੇ ਸ਼ਲਾਘਾ ਕੀਤੀ ਹੈ। ਮੀਟਿੰਗ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਨੁਮਾਇੰਦੇ ਵੀ ਸ਼ਾਮਲ ਹੋਏ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 66,050 ਆਧੁਨਿਕ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ, 37 ਲੱਖ ਏਕੜ ਝੋਨੇ ਦੇ ਰਕਬੇ ਦੇ ਪ੍ਰਬੰਧਨ ਲਈ ਲਗਭਗ 440 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ 1,200 ਰੁਪਏ ਪ੍ਰਤੀ ਏਕੜ ਦਿੱਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਅਪਣਾਉਣ ਵਾਲੇ ਕਿਸਾਨਾਂ ਨੂੰ 4,500 ਰੁਪਏ ਪ੍ਰਤੀ ਏਕੜ ਅਤੇ ਝੋਨੇ ਦੀ ਥਾਂ ਬਦਲਵੀਆਂ ਫ਼ਸਲਾਂ ਬੀਜਣ ਵਾਲਿਆਂ ਨੂੰ 8,000 ਤੋਂ 10,000 ਰੁਪਏ ਪ੍ਰਤੀ ਏਕੜ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਖੇਤਾਂ ਵਿੱਚ ਨਿਗਰਾਨੀ ਲਈ 20 ਡਰੋਨ ਤਾਇਨਾਤ ਕੀਤੇ ਗਏ ਹਨ, ਜਦਕਿ 30 ਹੋਰ ਡਰੋਨ ਜਲਦ ਸ਼ਾਮਲ ਕੀਤੇ ਜਾਣਗੇ। ਸੂਬੇ ਵਿੱਚ ਹਵਾ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਲਈ 79 ਪੀਐੱਮ 2.5 ਸੈਂਸਰ ਵੀ ਲਗਾਏ ਗਏ ਹਨ। ਰਾਣਾ ਅਨੁਸਾਰ, ਹੁਣ ਤੱਕ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਸਿਰਫ਼ 7 ਘਟਨਾਵਾਂ ਰਿਪੋਰਟ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਘਟਨਾ ਹਾਂਸੀ ਵਿੱਚ ਹਾਦਸੇ ਵਜੋਂ ਹੋਈ ਸੀ, ਜਿਸ ਸਬੰਧੀ 5,000 ਰੁਪਏ ਦਾ ਚਲਾਨ ਕੀਤਾ ਗਿਆ। ਬਾਕੀ ਘਟਨਾਵਾਂ ਗੈਰ-ਖੇਤੀਬਾੜੀ ਖੇਤਰਾਂ ਵਿੱਚ ਹੋਈਆਂ ਹਨ।

ਖੇਤੀਬਾੜੀ ਮੰਤਰੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਦਿੱਤੀ ਜਾ ਰਹੀ 1,200 ਰੁਪਏ ਪ੍ਰਤੀ ਏਕੜ ਦੀ ਉਤਸ਼ਾਹ ਰਾਸ਼ੀ ਵਿੱਚੋਂ 60 ਫ਼ੀਸਦੀ ਹਿੱਸਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸਰਕਾਰੀ ਯੋਜਨਾਵਾਂ ਅਤੇ ਖੇਤੀਬਾੜੀ ਮਸ਼ੀਨਰੀ ਦਾ ਲਾਭ ਲੈਣ, ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande