
ਆਈ.ਕੇ.ਜੀ. ਪੀ.ਟੀ.ਯੂ. ਦੇ 14ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮੰਤਰੀ ਨੇ ਸਿੱਖਿਆ ਸੁਧਾਰਾਂ ਅਤੇ 70,685 ਸਰਕਾਰੀ ਨੌਕਰੀਆਂ ਦਾ ਕੀਤਾ ਜ਼ਿਕਰ
ਕਪੂਰਥਲਾ, 13 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ।
ਮੁੱਖ ਮੰਤਰੀ ਮੰਗਲਵਾਰ ਨੂੰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਿਗਰੀ ਸਿਰਫ਼ ਕਾਗਜ਼ ਦਾ ਟੁਕੜਾ ਨਹੀਂ, ਸਗੋਂ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸਮਾਜ ਵਿੱਚ ਯੋਗਦਾਨ ਪਾਉਣ ਦਾ ਮੌਕਾ ਹੈ।
ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਮੈਰਿਟ ਦੇ ਆਧਾਰ ’ਤੇ 70,685 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੀ ਅਣਦੇਖੀ ਕਾਰਨ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਰੁਖ਼ ਕਰਨਾ ਪਿਆ।
ਮੌਜੂਦਾ ਸਰਕਾਰ ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਸਾਇੰਸ ਲੈਬਾਂ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਗਿਆ ਹੈ, ਜਦਕਿ ਨਵੇਂ ਕੋਰਸਾਂ ਰਾਹੀਂ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਆਧੁਨਿਕ ਤਕਨਾਲੋਜੀਆਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋਇਆ ਹੈ।
ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਨੂੰ ਘੇਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਗੁਜਰਾਤ ਅਤੇ ਦੇਸ਼ ਦੀਆਂ ਹੋਰ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਆਨ ਅਤੇ ਹੁਨਰ ਦੀ ਵਰਤੋਂ ਪੰਜਾਬ ਦੀ ਤਰੱਕੀ ਲਈ ਕਰਨ। ਇਸ ਮੌਕੇ ਮੁੱਖ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਛੇ ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਸਮਾਰੋਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਰਵਿੰਦ ਕੁਮਾਰ ਬਾਂਸਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH