
ਤਰਨਤਾਰਨ, 14 ਅਕਤੂਬਰ (ਹਿੰ.ਸ.)| ਤਰਨਤਾਰਨ-ਅੰਮ੍ਰਿਤਸਰ ਮੁੱਖ ਮਾਰਗ ’ਤੇ ਬਾਬਾ ਬੁੱਢਾ ਸਾਹਿਬ ਮੋੜ ਨੇੜੇ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਦੇ ਕਥਿਤ ਤੌਰ ’ਤੇ ਦੇਰੀ ਨਾਲ ਪਹੁੰਚਣ ਤੋਂ ਨਾਰਾਜ਼ ਲੋਕਾਂ ਨੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਠੱਠਾ ਦੇ ਰਹਿਣ ਵਾਲੇ ਦਿਲਬਾਗ ਸਿੰਘ ਆਪਣੀ ਪਤਨੀ ਰਾਜਵੰਤ ਕੌਰ ਨੂੰ ਮੋਟਰਸਾਈਕਲ ’ਤੇ ਕੋਟ ਧਰਮ ਚੰਦ ਸਥਿਤ ਆਂਗਣਵਾੜੀ ਕੇਂਦਰ ਵਿੱਚ ਡਿਊਟੀ ’ਤੇ ਛੱਡਣ ਜਾ ਰਹੇ ਸਨ। ਜਦੋਂ ਉਹ ਬਾਬਾ ਬੁੱਢਾ ਸਾਹਿਬ ਮੋੜ ਨੇੜੇ ਪਹੁੰਚੇ ਅਤੇ ਮੋਟਰਸਾਈਕਲ ਮੋੜਨ ਲੱਗੇ ਤਾਂ ਅੰਮ੍ਰਿਤਸਰ ਵੱਲੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਰਾਜਵੰਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦਿਲਬਾਗ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਣ ਦੇ ਬਾਵਜੂਦ ਝਬਾਲ ਪੁਲਿਸ ਦੇ ਦੇਰੀ ਨਾਲ ਪਹੁੰਚਣ ਦੇ ਦੋਸ਼ ਲਾਉਂਦਿਆਂ ਸਥਾਨਕ ਲੋਕਾਂ, ਪਿੰਡ ਵਾਸੀਆਂ ਅਤੇ ਰਾਹਗੀਰਾਂ ਨੇ ਬਾਬਾ ਬੁੱਢਾ ਸਾਹਿਬ ਮੋੜ ’ਤੇ ਧਰਨਾ ਲਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸੂਚਨਾ ਦੇਣ ਦੇ ਬਾਵਜੂਦ ਪੁਲਿਸ ਸਮੇਂ ਸਿਰ ਮੌਕੇ ’ਤੇ ਨਹੀਂ ਪਹੁੰਚੀ।
ਬਾਅਦ ਵਿੱਚ ਝਬਾਲ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਵਾਇਆ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH