
ਅੰਮ੍ਰਿਤਸਰ, 14 ਅਕਤੂਬਰ (ਹਿੰ.ਸ.)| ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ 27 ਅਕਤੂਬਰ, ਮੰਗਲਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਇਸ ਤੋਂ ਇਲਾਵਾ ਬੈਂਕ ਅਤੇ ਵਿੱਤੀ ਸੰਸਥਾਵਾਂ ਵੀ ਬੰਦ ਰਹਿਣਗੀਆਂ।
ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਹ ਛੁੱਟੀ ਸਿਰਫ਼ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਤੱਕ ਸੀਮਤ ਰਹੇਗੀ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਸਬੰਧਤ ਵਿਭਾਗਾਂ ਨੂੰ ਇਸ ਫ਼ੈਸਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ, ਤਾਂ ਜੋ ਉਹ ਆਪਣੇ ਪੱਧਰ ’ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਸਕਣ। ਛੁੱਟੀ ਕਾਰਨ ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਵਿੱਚ ਆਮ ਕੰਮਕਾਜ ਬੰਦ ਰਹਿਣ ਦੀ ਸੰਭਾਵਨਾ ਹੈ। ਇਸ ਲਈ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਦੀ ਯੋਜਨਾ ਪਹਿਲਾਂ ਤੋਂ ਬਣਾਉਣ ਦੀ ਸਲਾਹ ਦਿੱਤੀ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੀਆਂ ਹਨ ਅਤੇ ਗੁਰਧਾਮਾਂ ਵਿਖੇ ਮੱਥਾ ਟੇਕਦੀਆਂ ਹਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH