
ਹੁਸ਼ਿਆਰਪੁਰ, 14 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਚੱਬੇਵਾਲ ਹਲਕੇ ਦੇ ਪਿੰਡ ਹਰਖੋਵਾਲ ਵਿਖੇ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 6.5 ਕਰੋੜ ਤੋਂ ਵੱਧ ਓਪੀਡੀ ਦਰਜ ਕੀਤੀ ਗਈ ਹੈ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਤੇ ਲੈਬ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਰਵਾਇਤੀ ਸਿਆਸੀ ਪਾਰਟੀਆਂ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਬੰਦ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਅਤੇ ਮੁਫ਼ਤ ਬੱਸ ਸਫ਼ਰ ਵਰਗੀਆਂ ਸਹੂਲਤਾਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀਆਂ ਹਨ। ਉਨ੍ਹਾਂ ਅਕਾਲੀ ਦਲ ਅਤੇ ਕਾਂਗਰਸ ’ਤੇ ਵੀ ਸਿਆਸੀ ਨਿਸ਼ਾਨੇ ਸਾਧੇ ਅਤੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਲੋਕਾਂ ਦੀਆਂ ਉਮੀਦਾਂ ’ਤੇ ਖਰੀਆਂ ਨਹੀਂ ਉਤਰੀਆਂ।
ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 54.20 ਲੱਖ ਪਰਿਵਾਰ ਸ਼ਾਮਲ ਹੋ ਚੁੱਕੇ ਹਨ ਅਤੇ ਲਗਭਗ ਅੱਠ ਲੱਖ ਲਾਭਪਾਤਰੀ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਕਰੀਬ 5,500 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ, ਜਦਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 70,685 ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਵੀ ਕੀਤਾ ਗਿਆ।
ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿੱਚ ਯੂਪੀਐੱਸਸੀ ਕੋਚਿੰਗ ਸੈਂਟਰ ਸਥਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਦੀ ਤਿਆਰੀ ਲਈ ਘਰ ਦੇ ਨੇੜੇ ਸਹੂਲਤ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਂ ’ਤੇ ਬਣਨ ਵਾਲੇ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ।
ਸਿੰਜਾਈ ਬਾਰੇ ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਦਾ ਦਾਇਰਾ ਵਧਾਇਆ ਗਿਆ ਹੈ ਅਤੇ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਹਰਖੋਵਾਲ ਖੇਤਰ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਈਸ਼ਾਨ ਚੱਬੇਵਾਲ ਅਤੇ ਹੋਰ ਪਤਵੰਤੇ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH