
ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਮਿਲਣਗੀਆਂ ਓਪੀਡੀ ਸੇਵਾਵਾਂ, ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਰਹਿਣਗੀਆਂ ਜਾਰੀ
ਬਠਿੰਡਾ, 15 ਅਕਤੂਬਰ (ਹਿੰ.ਸ.)| ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਮੌਸਮ ਵਿੱਚ ਤਬਦੀਲੀ ਅਤੇ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਨਵਾਂ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਹ ਨਵੀਂ ਵਿਵਸਥਾ 16 ਅਕਤੂਬਰ 2026 ਤੋਂ ਲਾਗੂ ਹੋਵੇਗੀ।
ਬਠਿੰਡਾ ਦੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਉਪਲਬਧ ਹੋਣਗੀਆਂ। ਪਹਿਲਾਂ ਲਾਗੂ ਸਮੇਂ ਵਿੱਚ ਤਬਦੀਲੀ ਕਰਦਿਆਂ ਇਹ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਮਰੀਜ਼ਾਂ ਨੂੰ ਡਾਕਟਰੀ ਸਲਾਹ ਅਤੇ ਇਲਾਜ ਕਰਵਾਉਣ ਵਿੱਚ ਸਹੂਲਤ ਮਿਲ ਸਕੇ।
ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਓਪੀਡੀ ਦਾ ਸਮਾਂ ਬਦਲਣ ਦੇ ਬਾਵਜੂਦ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਐਮਰਜੈਂਸੀ ਦੀ ਸਥਿਤੀ ਵਿੱਚ ਹਸਪਤਾਲ ਪਹੁੰਚਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਸਮੇਂ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਓਪੀਡੀ ਵਿੱਚ ਡਾਕਟਰਾਂ ਤੋਂ ਸਲਾਹ ਲੈਣ ਲਈ 16 ਅਕਤੂਬਰ ਤੋਂ ਨਿਰਧਾਰਤ ਨਵੇਂ ਸਮੇਂ ਅਨੁਸਾਰ ਹੀ ਹਸਪਤਾਲ ਪਹੁੰਚਣ। ਇਸ ਨਾਲ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਵਿੱਚ ਸਹੂਲਤ ਹੋਵੇਗੀ।
ਸਿਹਤ ਵਿਭਾਗ ਵੱਲੋਂ ਸਮੇਂ ਵਿੱਚ ਕੀਤੀ ਗਈ ਇਸ ਤਬਦੀਲੀ ਦਾ ਮਕਸਦ ਮੌਸਮ ਦੇ ਬਦਲਾਅ ਦੇ ਮੱਦੇਨਜ਼ਰ ਸਰਕਾਰੀ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਮਰੀਜ਼ਾਂ ਨੂੰ ਇਲਾਜ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH