
ਪੰਚਕੂਲਾ, 15 ਅਕਤੂਬਰ (ਹਿੰ.ਸ.)| ਹਰਿਆਣਾ ਦੇ ਭਿਵਾਨੀ ਦੀ ਅਧਿਆਪਕਾ ਮਨੀਸ਼ਾ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਨੂੰ ਲੈ ਕੇ ਅੰਤਿਮ ਬਹਿਸ ਮੁਕੰਮਲ ਹੋ ਗਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਫ਼ੈਸਲਾ ਸੁਣਾਉਣ ਲਈ 28 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ। ਇਸ ਫ਼ੈਸਲੇ ’ਤੇ ਮ੍ਰਿਤਕਾ ਦੇ ਪਰਿਵਾਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਜਾਣਕਾਰੀ ਅਨੁਸਾਰ, ਮਾਮਲੇ ਦੀ ਜਾਂਚ ਤੋਂ ਬਾਅਦ ਸੀਬੀਆਈ ਨੇ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਦਿਆਂ ਮਨੀਸ਼ਾ ਦੀ ਮੌਤ ਨੂੰ ਖ਼ੁਦਕੁਸ਼ੀ ਦੱਸਿਆ ਸੀ। ਹਾਲਾਂਕਿ, ਮ੍ਰਿਤਕਾ ਦੇ ਪਿਤਾ ਸੰਜੇ ਕੁਮਾਰ ਨੇ ਇਸ ਰਿਪੋਰਟ ’ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਚੁਣੌਤੀ ਦਿੱਤੀ ਅਤੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨ ’ਤੇ ਸੁਣਵਾਈ ਦੌਰਾਨ ਵੀਰਵਾਰ ਨੂੰ ਸੀਬੀਆਈ ਅਤੇ ਪਟੀਸ਼ਨਕਰਤਾ ਦੇ ਵਕੀਲਾਂ ਨੇ ਆਪਣੀਆਂ ਅੰਤਿਮ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਧਿਰਾਂ ਦੀ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲੇ ਲਈ 28 ਅਕਤੂਬਰ ਦੀ ਤਾਰੀਖ਼ ਨਿਰਧਾਰਤ ਕਰ ਦਿੱਤੀ।
ਮ੍ਰਿਤਕਾ ਦੇ ਪਿਤਾ ਸੰਜੇ ਕੁਮਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਧੀ ਨੇ ਖ਼ੁਦਕੁਸ਼ੀ ਨਹੀਂ ਕੀਤੀ, ਸਗੋਂ ਉਸ ਦਾ ਕਤਲ ਹੋਇਆ ਹੈ। ਉਨ੍ਹਾਂ ਨੇ ਪੁਲਿਸ ਅਤੇ ਸੀਬੀਆਈ ਦੀ ਜਾਂਚ ਵਿੱਚ ਕਈ ਖ਼ਾਮੀਆਂ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਆਪਣੀ ਧੀ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਲੜਾਈ ਲੜਨਗੇ।
ਸੰਜੇ ਕੁਮਾਰ ਨੇ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਨੂੰ ਲੋੜ ਪਈ ਤਾਂ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਉਣਗੇ। ਉਨ੍ਹਾਂ ਦੀ ਮੰਗ ਹੈ ਕਿ ਮਾਮਲੇ ਦੀ ਸੱਚਾਈ ਸਾਹਮਣੇ ਆਵੇ ਅਤੇ ਉਨ੍ਹਾਂ ਦੀ ਧੀ ਨੂੰ ਇਨਸਾਫ਼ ਮਿਲੇ। ਹੁਣ 28 ਅਕਤੂਬਰ ਨੂੰ ਆਉਣ ਵਾਲੇ ਅਦਾਲਤੀ ਫ਼ੈਸਲੇ ਨਾਲ ਇਹ ਸਪੱਸ਼ਟ ਹੋਵੇਗਾ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ’ਤੇ ਅਦਾਲਤ ਕੀ ਰੁਖ਼ ਅਪਣਾਉਂਦੀ ਹੈ ਅਤੇ ਮ੍ਰਿਤਕਾ ਦੇ ਪਰਿਵਾਰ ਵੱਲੋਂ ਉਠਾਏ ਇਤਰਾਜ਼ਾਂ ’ਤੇ ਕੀ ਫ਼ੈਸਲਾ ਲਿਆ ਜਾਂਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH