
ਫਿਲੌਰ, 16 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਖ਼ਾਤਮੇ ਨੂੰ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਦੱਸਦਿਆਂ ਡੀਐੱਸਪੀਜ਼ ਲਈ 117 ਨਵੇਂ ਵਾਹਨਾਂ ਨੂੰ ਮਨਜ਼ੂਰੀ ਦੇਣ ਦਾ ਐਲਾਨ ਕੀਤਾ ਹੈ। ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਸਿਆਸੀ ਦਖ਼ਲਅੰਦਾਜ਼ੀ ਦੇ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੇ ਦਮ ’ਤੇ ਨਹੀਂ ਜਿੱਤੀ ਜਾ ਸਕਦੀ, ਸਗੋਂ ਇਸ ਨੂੰ ਲੋਕ ਲਹਿਰ ਬਣਾਉਣਾ ਜ਼ਰੂਰੀ ਹੈ। ਹਰ ਪਰਿਵਾਰ, ਪਿੰਡ ਅਤੇ ਮੁਹੱਲੇ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਪਲਾਈ ਅਤੇ ਮੰਗ ਦੋਵਾਂ ਪੱਖਾਂ ਨਾਲ ਨਜਿੱਠਣ ਲਈ ਵਚਨਬੱਧ ਹੈ ਅਤੇ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਨਸ਼ਿਆਂ ਦੀ ਸਮੱਸਿਆ ਹੈ, ਪਰ ਪੰਜਾਬ ਨੂੰ ਹੀ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਅੰਤਰਰਾਸ਼ਟਰੀ ਸਰਹੱਦ ਅਤੇ ਗੁਜਰਾਤ ਰਾਹੀਂ ਨਸ਼ਿਆਂ ਦੀ ਆਮਦ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੀ ਲਤ ਦੇ ਸ਼ਿਕਾਰ ਲੋਕਾਂ ਨੂੰ ਅਪਰਾਧੀ ਸਮਝਣ ਦੀ ਬਜਾਏ ਇਲਾਜ, ਹਮਦਰਦੀ ਅਤੇ ਮੁੜ ਵਸੇਬੇ ਦੇ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਦੂਜੇ ਪਾਸੇ, ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕ ਕੇ ਮੁਨਾਫ਼ਾ ਕਮਾਉਣ ਵਾਲੇ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਖੇਡਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਦਾ ਅਹਿਮ ਹਥਿਆਰ ਦੱਸਦਿਆਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਤੰਦਰੁਸਤੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਲੋਕਾਂ ਨੂੰ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।
ਮਾਨਸਾ ਵਿੱਚ ਸਮਾਜਿਕ ਕਾਰਕੁਨ ਦੇ ਕਤਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਹੋਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਸਿੱਖਿਆ, ਖੇਡਾਂ ਅਤੇ ਨਸ਼ਾ ਮੁਕਤ ਮਾਹੌਲ ਨੂੰ ਪੰਜਾਬ ਦੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਜ਼ਰੂਰੀ ਦੱਸਿਆ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡੀਜੀਪੀ ਗੌਰਵ ਯਾਦਵ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH