
ਮੁੱਖ ਮੰਤਰੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ, ਨਹੀਂ ਤਾਂ ਲੋਕ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ: ਸਾਂਪਲਾ
ਚੰਡੀਗੜ੍ਹ, 16 ਅਕਤੂਬਰ (ਹਿੰ.ਸ.)| ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਲੌਰ ਵਿੱਚ ਕੀਤੀ ਗਈ ਉੱਚ ਪੱਧਰੀ ਮੀਟਿੰਗ ਨੂੰ ਇੱਕਪਾਸੜ ਪ੍ਰਵਚਨ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗ ਦੌਰਾਨ ਨਸ਼ਿਆਂ ਵਰਗੇ ਗੰਭੀਰ ਮੁੱਦੇ ’ਤੇ ਠੋਸ ਚਰਚਾ ਕਰਨ ਦੀ ਬਜਾਏ ਚੁਟਕਲਿਆਂ ਅਤੇ ਸ਼ੇਅਰੋ-ਸ਼ਾਇਰੀ ਰਾਹੀਂ ਗੱਲ ਨਿਬੇੜਨ ਦੀ ਕੋਸ਼ਿਸ਼ ਕੀਤੀ ਗਈ।
ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਹ ਕਹਿਣਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ, ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸੂਬੇ ਵਿੱਚ ਨਸ਼ਿਆਂ ਦੀ ਕੋਈ ਵੱਡੀ ਸਮੱਸਿਆ ਨਹੀਂ ਹੈ ਤਾਂ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਕਿਸ ਦੇ ਖ਼ਿਲਾਫ਼ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਆਈਏਐੱਸ, ਆਈਪੀਐੱਸ, ਪੀਪੀਐੱਸ ਅਤੇ ਪੀਸੀਐੱਸ ਅਧਿਕਾਰੀ ਵੀ ਮੌਜੂਦ ਸਨ। ਅਜਿਹੇ ਮੌਕੇ ਨਸ਼ਿਆਂ ਦੀ ਰੋਕਥਾਮ ਲਈ ਗੰਭੀਰ ਵਿਚਾਰ-ਵਟਾਂਦਰਾ ਅਤੇ ਠੋਸ ਫ਼ੈਸਲੇ ਕੀਤੇ ਜਾਣੇ ਚਾਹੀਦੇ ਸਨ। ਪਰ, ਉਨ੍ਹਾਂ ਦੇ ਦੋਸ਼ ਅਨੁਸਾਰ, ਮੁੱਖ ਮੰਤਰੀ ਨੇ ਰਵਾਇਤੀ ਭਾਸ਼ਣ ਦਿੱਤਾ ਅਤੇ ਨਸ਼ਾ ਵਿਰੋਧੀ ਕਾਰਕੁਨਾਂ ਦੇ ਕਤਲਾਂ ਜਾਂ ਨਸ਼ਿਆਂ ਵਿਰੁੱਧ ਲੜਾਈ ਬਾਰੇ ਕੋਈ ਵੱਡਾ ਐਲਾਨ ਨਹੀਂ ਕੀਤਾ।
ਮੁੱਖ ਮੰਤਰੀ ’ਤੇ ਤਿੱਖਾ ਤਨਜ਼ ਕੱਸਦਿਆਂ ਸਾਂਪਲਾ ਨੇ ਕਿਹਾ ਕਿ ਉਹ ਹਰ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ ਅਤੇ ਉਨ੍ਹਾਂ ਨੂੰ ਹਰ ਵੇਲੇ ਅਮਿਤ ਸ਼ਾਹ ਹੀ ਯਾਦ ਆਉਂਦੇ ਹਨ।
ਸਾਂਪਲਾ ਨੇ ਕਿਹਾ ਕਿ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਸਾਂਝੀ ਇਨਸਾਫ਼ ਕਮੇਟੀ ਵੀ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ਿਆਂ ਦੀ ਮੰਗ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਭਗਵੰਤ ਮਾਨ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ, ਨਹੀਂ ਤਾਂ ਪੰਜਾਬ ਦੇ ਲੋਕ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH