
ਤਿੰਨ ਪੜਾਵਾਂ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ ਯਾਤਰਾ, ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਹੋਵੇਗਾ ਜਾਰੀ
ਚੰਡੀਗੜ੍ਹ, 17 ਅਕਤੂਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਨਵੰਬਰ ਨੂੰ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕੀਤੀ ਜਾਵੇਗੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਜਾਣ ਵਾਲੀ ਇਹ ਯਾਤਰਾ ਤਿੰਨ ਪੜਾਵਾਂ ਵਿੱਚ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ। ਪਹਿਲਾ ਪੜਾਅ 10 ਤੋਂ 22 ਨਵੰਬਰ ਤੱਕ ਹੋਵੇਗਾ, ਜਦਕਿ ਦੂਜਾ ਪੜਾਅ ਸ੍ਰੀ ਆਨੰਦਪੁਰ ਸਾਹਿਬ ਅਤੇ ਤੀਜਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤਾ ਜਾਵੇਗਾ।
ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ, ਪਛੜੀਆਂ ਸ਼੍ਰੇਣੀਆਂ ਵਿੰਗ ਅਤੇ ਯੂਥ ਅਕਾਲੀ ਦਲ ਦੀਆਂ ਮੀਟਿੰਗਾਂ ਤੋਂ ਬਾਅਦ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਵਿੰਗਾਂ ਤੋਂ ਮਿਲੇ ਸੁਝਾਅ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ 24 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਵਿਚਾਰੇ ਜਾਣਗੇ। ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਦੇ ਜੀਜਾ ਅਮਰਦੀਪ ਗਰੇਵਾਲ ਦੀ ਗ੍ਰਿਫ਼ਤਾਰੀ ਨਾਲ ਕਥਿਤ ਭ੍ਰਿਸ਼ਟਾਚਾਰ ਬੇਨਕਾਬ ਹੋਵੇਗਾ। ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੀ ਸੂਬਾ ਸਰਕਾਰ ਦੀ ਆਲੋਚਨਾ ਕੀਤੀ।
ਬਾਦਲ ਨੇ ਮੁੱਖ ਮੰਤਰੀ ਦੇ ਵਿਦੇਸ਼ ਦੌਰਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਵਿਦੇਸ਼ੀ ਨਿਵੇਸ਼ ਲਿਆਉਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਨੇ ਉਦਯੋਗਪਤੀਆਂ ਤੋਂ ਕਥਿਤ ਫਿਰੌਤੀਆਂ ਵਸੂਲਣ ਦੀ ਯੋਜਨਾ ਬਣਾਉਣ ਦੇ ਵੀ ਦੋਸ਼ ਲਾਏ।
ਮੀਟਿੰਗ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਮਤਾ ਪਾਸ ਕੀਤਾ ਗਿਆ। ਇਸ ਮੌਕੇ ਐੱਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਅਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH