ਝੋਟਾ ਕਤਲ ਕਾਂਡ: ਇਨਸਾਫ਼ ਲਈ ਕਾਲੀਆਂ ਪੱਗਾਂ ਤੇ ਚੁੰਨੀਆਂ ਪਾ ਕੇ ਰੋਸ ਪ੍ਰਗਟਾਉਣ ਪੰਜਾਬ ਵਾਸੀ: ਕੇਵਲ ਸਿੰਘ ਢਿੱਲੋਂ
ਭਾਜਪਾ ਨੇ ਮੁੜ ਦੁਹਰਾਈ ਸੀਬੀਆਈ ਜਾਂਚ ਦੀ ਮੰਗ, ਕਿਹਾ-ਇਨਸਾਫ਼ ਮਿਲਣ ਤੱਕ ਪਰਿਵਾਰ ਨਾਲ ਖੜ੍ਹੀ ਰਹੇਗੀ ਪਾਰਟੀ ਚੰਡੀਗੜ੍ਹ, 17 ਅਕਤੂਬਰ (ਹਿੰ.ਸ.)| ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਪਹੁੰਚੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸ
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੂੰ ਮਿਲਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ।


ਭਾਜਪਾ ਨੇ ਮੁੜ ਦੁਹਰਾਈ ਸੀਬੀਆਈ ਜਾਂਚ ਦੀ ਮੰਗ, ਕਿਹਾ-ਇਨਸਾਫ਼ ਮਿਲਣ ਤੱਕ ਪਰਿਵਾਰ ਨਾਲ ਖੜ੍ਹੀ ਰਹੇਗੀ ਪਾਰਟੀ

ਚੰਡੀਗੜ੍ਹ, 17 ਅਕਤੂਬਰ (ਹਿੰ.ਸ.)| ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਪਹੁੰਚੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਮੁੜ ਦੁਹਰਾਈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਗਟਾਉਣ ਅਤੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਉਭਾਰਨ ਵਾਸਤੇ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੀਆਂ ਝੰਡੀਆਂ ਰਾਹੀਂ ਆਪਣਾ ਵਿਰੋਧ ਦਰਜ ਕਰਵਾਉਣ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਨਸਾਫ਼ ਮਿਲਣ ਤੱਕ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ।

ਮੋਰਚੇ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਵਿਰੁੱਧ ਲੜਨ ਵਾਲਾ ਯੋਧਾ ਦੱਸਿਆ। ਉਨ੍ਹਾਂ ਕਿਹਾ ਕਿ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਿਹਾ ਸੀ ਅਤੇ ਉਸ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨਸਾਫ਼ ਮਿਲਣ ਤੱਕ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟਾਉਣਾ ਚਾਹੀਦਾ ਹੈ। ਉਨ੍ਹਾਂ ਦੇ ਸੱਦੇ ਨੂੰ ਮੋਰਚੇ ਵਿੱਚ ਮੌਜੂਦ ਪਰਵਿੰਦਰ ਸਿੰਘ ਦੇ ਪਿਤਾ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਸਮਰਥਨ ਦਿੱਤਾ।

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਸਬੰਧੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਇਸ ਮੋਰਚੇ ’ਤੇ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਗਾਇਕ ਸਿੱਧੂ ਮੂਸੇਵਾਲਾ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਪਰਾਧਾਂ ਦੇ ਮਾਮਲਿਆਂ ਵਿੱਚ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਝੋਟਾ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਹਿਲੇ ਹੀ ਦਿਨ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।

ਢਿੱਲੋਂ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਸਰਕਾਰ ਤੋਂ ਪਰਵਿੰਦਰ ਸਿੰਘ ਝੋਟਾ ਸਮੇਤ ਤਿੰਨ ਮਾਮਲਿਆਂ ਬਾਰੇ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗੀ।

ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗਰਗ, ਜ਼ਿਲ੍ਹਾ ਪ੍ਰਧਾਨ ਗੋਮਾ ਰਾਮ, ਦਿਆਲ ਸੋਢੀ, ਜਗਦੀਪ ਸਿੰਘ ਨਕਈ, ਮੰਗਤ ਬਾਂਸਲ, ਬੱਬੀ ਦਾਨੇਵਾਲੀਆ ਅਤੇ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande