ਪੰਜਾਬ ਵਿੱਚ 137 ਬਾਲ ਵਿਆਹ ਰੋਕੇ, ਬੱਚਿਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ
2,076 ਬਾਲ ਵਿਆਹ ਰੋਕਥਾਮ ਅਫ਼ਸਰ ਨਾਮਜ਼ਦ, ਸਾਰੇ 23 ਜ਼ਿਲ੍ਹਿਆਂ ਵਿੱਚ ਬਣਾਈਆਂ ਜ਼ਿਲ੍ਹਾ ਪੱਧਰੀ ਇਕਾਈਆਂ ਚੰਡੀਗੜ੍ਹ, 19 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਾਲ 2025 ਅਤੇ ਜਨਵਰੀ ਤੋਂ ਜੁਲਾਈ 2026 ਤੱਕ ਸ
ਮੰਤਰੀ ਡਾ. ਬਲਜੀਤ ਕੌਰ


2,076 ਬਾਲ ਵਿਆਹ ਰੋਕਥਾਮ ਅਫ਼ਸਰ ਨਾਮਜ਼ਦ, ਸਾਰੇ 23 ਜ਼ਿਲ੍ਹਿਆਂ ਵਿੱਚ ਬਣਾਈਆਂ ਜ਼ਿਲ੍ਹਾ ਪੱਧਰੀ ਇਕਾਈਆਂ

ਚੰਡੀਗੜ੍ਹ, 19 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਾਲ 2025 ਅਤੇ ਜਨਵਰੀ ਤੋਂ ਜੁਲਾਈ 2026 ਤੱਕ ਸੂਬੇ ਵਿੱਚ ਕੁੱਲ 137 ਬਾਲ ਵਿਆਹ ਰੋਕੇ ਗਏ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਮੌਕੇ ਦੇਣ ਲਈ ਵਚਨਬੱਧ ਹੈ। ਬਾਲ ਵਿਆਹ ਬੱਚਿਆਂ ਦੇ ਬਚਪਨ, ਸਿੱਖਿਆ, ਸਿਹਤ ਅਤੇ ਬਿਹਤਰ ਭਵਿੱਖ ਨੂੰ ਪ੍ਰਭਾਵਿਤ ਕਰਦਾ ਹੈ, ਇਸ ਲਈ ਇਸ ਕੁਰੀਤੀ ਦਾ ਖ਼ਾਤਮਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025 ਦੌਰਾਨ 64 ਬਾਲ ਵਿਆਹ ਰੋਕੇ ਗਏ, ਜਦਕਿ ਜਨਵਰੀ ਤੋਂ ਜੁਲਾਈ 2026 ਤੱਕ 73 ਹੋਰ ਬਾਲ ਵਿਆਹ ਰੋਕਣ ਵਿੱਚ ਸਫ਼ਲਤਾ ਮਿਲੀ। ਉਨ੍ਹਾਂ ਅਨੁਸਾਰ ਇਹ ਪ੍ਰਾਪਤੀ ਸਰਕਾਰੀ ਵਿਭਾਗਾਂ ਦੇ ਆਪਸੀ ਤਾਲਮੇਲ, ਕਾਨੂੰਨ ਦੇ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਲੋਕਾਂ ਵਿੱਚ ਵਧ ਰਹੀ ਜਾਗਰੂਕਤਾ ਦਾ ਨਤੀਜਾ ਹੈ।

ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਨੂੰ ਮਜ਼ਬੂਤ ਕਰਨ ਲਈ 2,076 ਬਾਲ ਵਿਆਹ ਰੋਕਥਾਮ ਅਫ਼ਸਰ ਨਾਮਜ਼ਦ ਕੀਤੇ ਗਏ ਹਨ। ਇਨ੍ਹਾਂ ਵਿੱਚ ਸੂਬੇ ਦੇ ਸਾਰੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ। ਇਹ ਅਧਿਕਾਰੀ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਫੈਲਾਉਣ, ਸ਼ੱਕੀ ਮਾਮਲਿਆਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ 10 ਫ਼ਰਵਰੀ 2025 ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਬਾਲ ਵਿਆਹ ਰੋਕਥਾਮ ਇਕਾਈਆਂ ਬਣਾਈਆਂ ਗਈਆਂ ਹਨ। ਇਹ ਇਕਾਈਆਂ ਸੰਭਾਵਿਤ ਮਾਮਲਿਆਂ ਵਿੱਚ ਤੁਰੰਤ ਦਖ਼ਲ ਦੇਣ, ਬੱਚਿਆਂ ਦੇ ਬਚਾਅ ਅਤੇ ਮੁੜ ਵਸੇਬੇ ਦੇ ਨਾਲ-ਨਾਲ ਵਿਭਾਗਾਂ ਵਿਚਕਾਰ ਤਾਲਮੇਲ ਬਣਾਉਣ ਲਈ ਕੰਮ ਕਰਦੀਆਂ ਹਨ।

ਡਾ. ਬਲਜੀਤ ਕੌਰ ਨੇ ਮਾਪਿਆਂ, ਅਧਿਆਪਕਾਂ, ਪੰਚਾਇਤਾਂ, ਧਾਰਮਿਕ ਆਗੂਆਂ, ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਲ ਵਿਆਹ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਦੀ ਰੱਖਿਆ ਕੀਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande