
ਸਬੰਧਤ ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 19 ਅਕਤੂਬਰ (ਹਿੰ.ਸ.)| ਪੰਜਾਬ ਦੇ ਜੇਲ੍ਹਾਂ, ਸੰਸਦੀ ਕਾਜ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਤਿੰਨ ਵੱਖ-ਵੱਖ ਮਹੱਤਵਪੂਰਨ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।
ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਦੀ ਸਥਿਤੀ, ਦੇਖਭਾਲ ਅਤੇ ਰੱਖ-ਰਖਾਅ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚਾ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਅਤੇ ਲੋਕ ਹਿੱਤ ਨਾਲ ਜੁੜੇ ਪ੍ਰਾਜੈਕਟਾਂ ਦੀ ਪ੍ਰਭਾਵਸ਼ਾਲੀ ਦੇਖਭਾਲ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।
ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਲੰਬਿਤ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਾ. ਰਵਜੋਤ ਸਿੰਘ ਨੇ ਵਿਭਾਗੀ ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ ਭਲਾਈ ਨਾਲ ਸਬੰਧਤ ਹਰ ਯੋਜਨਾ ਦਾ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਸਮੇਂ ਸਿਰ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਦੇ ਹੋਏ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ।
ਇਨ੍ਹਾਂ ਮੀਟਿੰਗਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH