ਝੋਟਾ ਕਤਲ ਕਾਂਡ: ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੇ ਘਰਾਂ ਬਾਹਰ ਪ੍ਰਦਰਸ਼ਨ
ਕੋਟਕਪੂਰਾ ਨੇੜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ, ਐਕਸ਼ਨ ਕਮੇਟੀ ਦੀਆਂ ਮੰਗਾਂ ਸਬੰਧੀ ਸੌਂਪਿਆ ‘ਲਾਹਨਤ ਪੱਤਰ’ ਫਰੀਦਕੋਟ, 19 ਅਕਤੂਬਰ (ਹਿੰ.ਸ.)| ਮਾਨਸਾ ਦੇ ਚਰਚਿਤ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਗਠਿਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਵੱਖ-ਵੱਖ
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੰਦੇ ਹੋਏ ਪ੍ਰਦਰਸ਼ਨਕਾਰੀ।


ਕੋਟਕਪੂਰਾ ਨੇੜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ, ਐਕਸ਼ਨ ਕਮੇਟੀ ਦੀਆਂ ਮੰਗਾਂ ਸਬੰਧੀ ਸੌਂਪਿਆ ‘ਲਾਹਨਤ ਪੱਤਰ’

ਫਰੀਦਕੋਟ, 19 ਅਕਤੂਬਰ (ਹਿੰ.ਸ.)| ਮਾਨਸਾ ਦੇ ਚਰਚਿਤ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਗਠਿਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ।

ਕੋਟਕਪੂਰਾ ਨੇੜਲੇ ਪਿੰਡ ਸੰਧਵਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਐਕਸ਼ਨ ਕਮੇਟੀ ਦੀਆਂ ਮੰਗਾਂ ਸਬੰਧੀ ‘ਲਾਹਨਤ ਪੱਤਰ’ ਵੀ ਸੌਂਪਿਆ।

ਆਗੂਆਂ ਨੇ ਦੱਸਿਆ ਕਿ ਐਕਸ਼ਨ ਕਮੇਟੀ ਦੀਆਂ ਮੰਗਾਂ ਦੇ ਸਮਰਥਨ ਵਿੱਚ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਦੇ ਕੇ ਲਾਹਨਤ ਪੱਤਰ ਸੌਂਪਣ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਈ ਜਾਵੇ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਕਤਲ ਪਿੱਛੇ ਕਥਿਤ ਤੌਰ ’ਤੇ ਸ਼ਾਮਲ ਸਾਰੇ ਸਾਜ਼ਿਸ਼ਕਾਰਾਂ ਅਤੇ ਤਾਕਤਵਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬੇਨਕਾਬ ਕੀਤਾ ਜਾਵੇ।

ਪ੍ਰਦਰਸ਼ਨ ਦੌਰਾਨ ‘ਵਾਰਿਸ ਪੰਜਾਬ ਦੇ’ ਦੇ ਹਲਕਾ ਇੰਚਾਰਜ ਰਛਪਾਲ ਸਿੰਘ ਸੋਸਲ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਇਸ ਕਤਲ ਕਾਂਡ ਨੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਾ ਤਸਕਰ ਬੇਖ਼ੌਫ਼ ਹੋ ਕੇ ਆਪਣਾ ਗ਼ੈਰ-ਕਾਨੂੰਨੀ ਕਾਰੋਬਾਰ ਚਲਾ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨਾਂ ਦੀਆਂ ਹੱਤਿਆਵਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸਾਰੀਆਂ ਜਥੇਬੰਦੀਆਂ ਐਕਸ਼ਨ ਕਮੇਟੀ ਦੇ ਨਾਲ ਖੜ੍ਹੀਆਂ ਹਨ ਅਤੇ ਕਮੇਟੀ ਵੱਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਹਰ ਸੰਘਰਸ਼ ਤੇ ਹੜਤਾਲ ਦੇ ਸੱਦੇ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande