
ਚੰਡੀਗੜ੍ਹ, 02 ਅਕਤੂਬਰ (ਹਿੰ.ਸ.)| ਪੰਜਾਬ ਨੇ ਸਵੈ-ਇੱਛਤ ਖੂਨਦਾਨ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਤੀਜਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਸਾਲ 2025 ਦੇ ਅੰਕੜਿਆਂ ਅਨੁਸਾਰ, ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਤ ਖੂਨਦਾਨ ਦੇ ਮਾਮਲੇ ਵਿੱਚ ਪੰਜਾਬ ਨੂੰ ਇਹ ਸਨਮਾਨ ਮਿਲਿਆ ਹੈ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਪ੍ਰਾਪਤੀ ਲਈ ਸੂਬੇ ਦੇ ਖੂਨਦਾਨੀਆਂ, ਸਮਾਜਿਕ ਅਤੇ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਕਰਮਚਾਰੀਆਂ ਅਤੇ ਹੋਰ ਭਾਈਵਾਲਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਪੰਜਾਬੀਆਂ ਦੀ ਨਿਰਸਵਾਰਥ ਭਾਵਨਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਨੂੰ ਦਰਸਾਉਂਦੀ ਹੈ।
ਨਵੀਂ ਦਿੱਲੀ ਦੇ ਲੇਡੀ ਹਾਰਡਿੰਗ ਮੈਡੀਕਲ ਕਾਲਜ ਦੇ ਸਵਰਨ ਜਯੰਤੀ ਆਡੀਟੋਰੀਅਮ ਵਿੱਚ ਕਰਵਾਏ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ 2026 ਦੇ ਸਮਾਗਮ ਦੌਰਾਨ ਪੰਜਾਬ ਨੂੰ ਅਧਿਕਾਰਤ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾ. ਐਮ. ਸ੍ਰੀਨਿਵਾਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਲ 2025-26 ਦੌਰਾਨ ਪੰਜਾਬ ਵਿੱਚ ਲੋਕਾਂ ਦੇ ਸਹਿਯੋਗ ਨਾਲ 6,583 ਖੂਨਦਾਨ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਅਤੇ ਹੋਰ ਸਰੋਤਾਂ ਰਾਹੀਂ ਸੂਬੇ ਵਿੱਚ ਕੁੱਲ 5,44,167 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਕੱਤਰ ਕੀਤੇ ਗਏ ਕੁੱਲ ਖੂਨ ਵਿੱਚੋਂ 92 ਫੀਸਦੀ ਖੂਨ ਸਵੈ-ਇੱਛਤ ਦਾਨ ਰਾਹੀਂ ਪ੍ਰਾਪਤ ਹੋਇਆ, ਜਦਕਿ ਸਰਕਾਰੀ ਬਲੱਡ ਸੈਂਟਰਾਂ ਵਿੱਚ ਇਹ ਅੰਕੜਾ 99.6 ਫੀਸਦੀ ਰਿਹਾ।
ਸਿਹਤ ਮੰਤਰੀ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਮਹਾਨ ਕਾਰਜ ਹੈ। ਉਨ੍ਹਾਂ ਕਿਹਾ ਕਿ ਸਵੈ-ਇੱਛਾ ਨਾਲ ਦਾਨ ਕੀਤਾ ਗਿਆ ਖੂਨ ਗੰਭੀਰ ਹਾਲਤ ਵਾਲੇ ਮਰੀਜ਼ ਲਈ ਜੀਵਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਸਵੈ-ਇੱਛਤ ਖੂਨਦਾਨੀਆਂ ਨੂੰ ਇਸ ਰਾਸ਼ਟਰੀ ਸਨਮਾਨ ਦਾ ਅਸਲ ਹੱਕਦਾਰ ਦੱਸਿਆ।
ਡਾ. ਬਲਬੀਰ ਸਿੰਘ ਨੇ ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕਾਊਂਸਲ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ, ਸਰਕਾਰੀ ਅਤੇ ਨਿੱਜੀ ਬਲੱਡ ਸੈਂਟਰਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਵਿਦਿਅਕ ਅਦਾਰਿਆਂ ਵੱਲੋਂ ਜਾਗਰੂਕਤਾ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੌਜਵਾਨਾਂ ਅਤੇ ਵਿਦਿਆਰਥੀ ਵਲੰਟੀਅਰਾਂ ਦੀ ਭੂਮਿਕਾ ਨੂੰ ਵੀ ਮਹੱਤਵਪੂਰਨ ਦੱਸਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੂਨ ਸੰਚਾਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਸੁਰੱਖਿਅਤ ਖੂਨ ਤੇ ਇਸ ਦੇ ਤੱਤਾਂ ਦੀ 24 ਘੰਟੇ ਉਪਲਬਧਤਾ ਯਕੀਨੀ ਬਣਾਉਣ ਲਈ ਕੰਮ ਜਾਰੀ ਰੱਖੇਗੀ। ਸਰਕਾਰ ਦਾ ਟੀਚਾ 100 ਫੀਸਦੀ ਸਵੈ-ਇੱਛਤ ਖੂਨਦਾਨ ਨੂੰ ਉਤਸ਼ਾਹਿਤ ਕਰਨਾ ਹੈ।
ਸਿਹਤ ਮੰਤਰੀ ਨੇ ਤੰਦਰੁਸਤ ਅਤੇ ਯੋਗ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਿਯਮਿਤ ਤੌਰ ’ਤੇ ਖੂਨਦਾਨ ਕਰਨ ਅਤੇ ਇਸ ਨੂੰ ਲੋਕ-ਲਹਿਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਕੀਤਾ ਛੋਟਾ ਜਿਹਾ ਯੋਗਦਾਨ ਕਿਸੇ ਹੋਰ ਦੀ ਜ਼ਿੰਦਗੀ ਬਚਾਉਣ ਵਿੱਚ ਮਦਦਗਾਰ ਬਣ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH