
ਮੋਗਾ, 20 ਅਕਤੂਬਰ (ਹਿੰ.ਸ.)| ਮੋਗਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਔਰਤ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਹਿਲਾ ਹਾਦਸਾ ਕੋਟਕਪੂਰਾ ਬਾਈਪਾਸ ’ਤੇ ਬਹੋਨਾ ਚੌਕ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ, ਮੋਟਰਸਾਈਕਲ ਸਵਾਰ ਦੋ ਨੌਜਵਾਨ ਕੋਟਕਪੂਰਾ ਵੱਲ ਜਾ ਰਹੇ ਸਨ। ਇਸ ਦੌਰਾਨ ਸੜਕ ਪਾਰ ਕਰ ਰਹੀ ਇੱਕ ਔਰਤ ਉਨ੍ਹਾਂ ਦੇ ਮੋਟਰਸਾਈਕਲ ਦੀ ਲਪੇਟ ਵਿੱਚ ਆ ਗਈ। ਹਾਦਸੇ ਵਿੱਚ ਔਰਤ ਸਮੇਤ ਦੋਵੇਂ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਣ ’ਤੇ ਸਮਾਜ ਸੇਵਾ ਸੋਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਤਿੰਨਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਪਹੁੰਚਾਇਆ। ਇੱਕ ਹੋਰ ਹਾਦਸਾ ਬੇਅੰਤ ਨਗਰ ਨੇੜੇ ਵਾਪਰਿਆ, ਜਿੱਥੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸੇ ਤਰ੍ਹਾਂ ਮੋਗਾ-ਕੋਟਕਪੂਰਾ ਪੁਲ ਨੇੜੇ ਪੈਦਲ ਜਾ ਰਹੇ ਇੱਕ ਬਜ਼ੁਰਗ ਨੂੰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਜ਼ਖ਼ਮੀ ਹੋਏ ਬਜ਼ੁਰਗ ਨੂੰ ਕੋਟਕਪੂਰਾ ਬਾਈਪਾਸ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਵੱਲੋਂ ਇਨ੍ਹਾਂ ਸਾਰੇ ਸੜਕ ਹਾਦਸਿਆਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH