ਪੰਜਾਬ ਦੇ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਕਰਨ ਦੀ ਬਜਾਏ ਸਰਹੱਦਾਂ ਸੁਰੱਖਿਅਤ ਕਰੋ :ਸੀਐਮ ਭਗਵੰਤ ਮਾਨ
ਗੁਜਰਾਤ ’ਚ 2,200 ਕਿਲੋ ਹੈਰੋਇਨ ਦੇ ਮਾਮਲੇ ’ਤੇ ਮੰਗਿਆ ਜਵਾਬ; ਝੋਟਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਤੇਜ਼ ਕਰਨ ਦਾ ਦਾਅਵਾ ਚੰਡੀਗੜ੍ਹ, 20 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ’ਤੇ
ਪੰਜਾਬ ਦੇ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਕਰਨ ਦੀ ਬਜਾਏ ਸਰਹੱਦਾਂ ਸੁਰੱਖਿਅਤ ਕਰੋ :ਸੀਐਮ ਭਗਵੰਤ ਮਾਨ


ਗੁਜਰਾਤ ’ਚ 2,200 ਕਿਲੋ ਹੈਰੋਇਨ ਦੇ ਮਾਮਲੇ ’ਤੇ ਮੰਗਿਆ ਜਵਾਬ; ਝੋਟਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਤੇਜ਼ ਕਰਨ ਦਾ ਦਾਅਵਾ

ਚੰਡੀਗੜ੍ਹ, 20 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਦੇ ਨਸ਼ਿਆਂ ਦੇ ਸੰਕਟ ਨੂੰ ਸਿਆਸੀ ਲਾਹੇ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਨਸ਼ਾ ਤਸਕਰੀ ਦੇ ਮੁੱਖ ਸਰੋਤਾਂ ਨੂੰ ਰੋਕਣ ਅਤੇ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ’ਤੇ ਕਾਬੂ ਪਾਉਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਆਉਣ ’ਤੇ ਸਵਾਗਤ ਹੈ, ਪਰ ਉਨ੍ਹਾਂ ਨੂੰ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਕਰਨ ਦੀ ਬਜਾਏ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ 2007 ਤੋਂ 2017 ਦੌਰਾਨ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਪੁੱਛਿਆ ਕਿ ਉਸ ਸਮੇਂ ਨਸ਼ਿਆਂ ਦੇ ਵਧਦੇ ਕਾਰੋਬਾਰ ਨੂੰ ਰੋਕਣ ਲਈ ਕੀ ਕਦਮ ਚੁੱਕੇ ਗਏ ਸਨ।

ਮਾਨ ਨੇ ਦੋਸ਼ ਲਾਇਆ ਕਿ ਤਤਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਸੀਬੀਆਈ ਜਾਂਚ ਦੀ ਮੰਗ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਸਾਨ ਅੰਦੋਲਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋਈ ਸੀ, ਪਰ ਭਾਜਪਾ ਆਗੂਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ।

ਮੁੱਖ ਮੰਤਰੀ ਨੇ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਪਹੁੰਚਣ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕੇਂਦਰ ਤੋਂ ਜਵਾਬ ਮੰਗਿਆ। ਉਨ੍ਹਾਂ 2,200 ਕਿਲੋ ਹੈਰੋਇਨ ਨਾਲ ਸਬੰਧਤ ਮਾਮਲੇ ਵਿੱਚ ਨਸ਼ੀਲੇ ਪਦਾਰਥਾਂ ਦੇ ਚੂਹਿਆਂ ਵੱਲੋਂ ਖਾਧੇ ਜਾਣ ਦੇ ਕਥਿਤ ਸਪੱਸ਼ਟੀਕਰਨ ’ਤੇ ਵੀ ਸਵਾਲ ਉਠਾਏ। ਇਹ ਦੋਸ਼ ਅਤੇ ਦਾਅਵੇ ਮੁੱਖ ਮੰਤਰੀ ਨੇ ਆਪਣੇ ਬਿਆਨ ਦੌਰਾਨ ਕੀਤੇ।

ਉਨ੍ਹਾਂ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ 532 ਕਿਲੋਮੀਟਰ ਸਰਹੱਦ ’ਤੇ ਐਂਟੀ-ਡਰੋਨ ਪ੍ਰਣਾਲੀ ਲਗਾਉਣ ਦੀ ਮੰਗ ਦੁਹਰਾਈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਧੁਨਿਕ ਤਕਨੀਕ ਅਤੇ ਮਜ਼ਬੂਤ ਖੁਫੀਆ ਪ੍ਰਬੰਧਾਂ ਦੀ ਲੋੜ ਹੈ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਬਾਰੇ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ ਅਤੇ ਇਨਸਾਫ਼ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਚਾਇਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ ਅਤੇ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵਿਰੁੱਧ ਵੀ ਕਾਰਵਾਈ ਹੋਈ ਹੈ।

ਮਾਨ ਨੇ ਕੇਂਦਰ ਸਰਕਾਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਵਿੱਚ ਸੋਧ ਕਰਕੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਵਿੱਤੀ ਨੈੱਟਵਰਕ ਨੂੰ ਤੋੜਿਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗਾ ਅਤੇ ਕੇਂਦਰ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਸਰਹੱਦਾਂ ਦੀ ਸੁਰੱਖਿਆ ਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande