ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੇ ਖਰੀਦੀਆਂ 21,019 ਮਸ਼ੀਨਾਂ: ਖੁੱਡੀਆਂ
ਚੰਡੀਗੜ੍ਹ, 21 ਅਕਤੂਬਰ (ਹਿੰ.ਸ.)| ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਖ਼ਤਮ ਕਰਨ ਦੇ ਯਤਨਾਂ ਤਹਿਤ ਕਿਸਾਨਾਂ ਨੇ ਮੌਜੂਦਾ ਸੀਜ਼ਨ ਦੌਰਾਨ 21,019 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਖਰੀਦੀਆਂ ਹਨ। ਇਨ੍ਹਾਂ ਵਿੱਚੋਂ ਸੁਪਰ ਸੀਡਰ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ ਵਜੋਂ ਉੱਭਰਿ
ਟਰੈਕਟਰ ਚਲਾਉਂਦੇ ਹੋਏ ਮੰਤਰੀ ਗੁਰਮੀਤ ਸਿੰਘ ਖੁੱਡੀਆਂ


ਚੰਡੀਗੜ੍ਹ, 21 ਅਕਤੂਬਰ (ਹਿੰ.ਸ.)| ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਖ਼ਤਮ ਕਰਨ ਦੇ ਯਤਨਾਂ ਤਹਿਤ ਕਿਸਾਨਾਂ ਨੇ ਮੌਜੂਦਾ ਸੀਜ਼ਨ ਦੌਰਾਨ 21,019 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਖਰੀਦੀਆਂ ਹਨ। ਇਨ੍ਹਾਂ ਵਿੱਚੋਂ ਸੁਪਰ ਸੀਡਰ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ ਵਜੋਂ ਉੱਭਰਿਆ ਹੈ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਸ਼ੀਨਾਂ ਦੀ ਖਰੀਦ ’ਤੇ ਦਿੱਤੀ ਜਾ ਰਹੀ 50 ਤੋਂ 80 ਫ਼ੀਸਦੀ ਸਬਸਿਡੀ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਲਈ ਉਤਸ਼ਾਹਿਤ ਕਰ ਰਹੀ ਹੈ। ਇਸ ਨਾਲ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਟਿਕਾਊ ਖੇਤੀਬਾੜੀ ਨੂੰ ਵੀ ਹੁਲਾਰਾ ਮਿਲ ਰਿਹਾ ਹੈ।

ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਸਭ ਤੋਂ ਵੱਧ 14,274 ਸੁਪਰ ਸੀਡਰ ਮਸ਼ੀਨਾਂ ਖਰੀਦੀਆਂ ਹਨ। ਇਸ ਤੋਂ ਬਾਅਦ 1,721 ਮਲਚਰ, 1,346 ਹਾਈਡ੍ਰੌਲਿਕ ਰਿਵਰਸੀਬਲ ਐੱਮਬੀ ਪਲੌਅ, 1,123 ਜ਼ੀਰੋ ਟਿੱਲ ਡਰਿੱਲ ਅਤੇ 927 ਬੇਲਿੰਗ ਮਸ਼ੀਨਾਂ ਖਰੀਦੀਆਂ ਗਈਆਂ ਹਨ। ਇਸ ਤੋਂ ਇਲਾਵਾ 874 ਸਟਰਾਅ ਰੇਕ ਮਸ਼ੀਨਾਂ ਦੀ ਖਰੀਦ ਵੀ ਕੀਤੀ ਗਈ ਹੈ।

ਖੇਤੀਬਾੜੀ ਮੰਤਰੀ ਅਨੁਸਾਰ, ਵਿਅਕਤੀਗਤ ਕਿਸਾਨਾਂ ਨੂੰ ਸੀਆਰਐੱਮ ਮਸ਼ੀਨਾਂ ਦੀ ਖਰੀਦ ’ਤੇ 50 ਫ਼ੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ, ਕਿਸਾਨ ਉਤਪਾਦਕ ਸੰਗਠਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸਾਲ 2026-27 ਲਈ 576 ਕਰੋੜ ਰੁਪਏ ਦੀ ਕਾਰਜ ਯੋਜਨਾ ਵੀ ਉਲੀਕੀ ਗਈ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫ਼ੀਸਦੀ ਕਮੀ ਆਈ ਹੈ। ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲੇ ਸਾਹਮਣੇ ਆਏ ਸਨ, ਜਦਕਿ 2025 ਵਿੱਚ ਇਹ ਗਿਣਤੀ ਘਟ ਕੇ 5,114 ਰਹਿ ਗਈ।

ਖੁੱਡੀਆਂ ਨੇ ਕਿਹਾ ਕਿ ਸੁਪਰ ਸੀਡਰ ਅਤੇ ਜ਼ੀਰੋ ਟਿੱਲ ਡਰਿੱਲ ਵਰਗੀਆਂ ਮਸ਼ੀਨਾਂ ਨਾਲ ਪਰਾਲੀ ਵਿੱਚ ਹੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਨਾਲ ਸਮੇਂ ਅਤੇ ਮਿਹਨਤ ਦੀ ਬੱਚਤ ਹੁੰਦੀ ਹੈ ਅਤੇ ਮਿੱਟੀ ਦੀ ਨਮੀ ਵੀ ਬਣੀ ਰਹਿੰਦੀ ਹੈ। ਬੇਲਰ ਅਤੇ ਰੇਕ ਮਸ਼ੀਨਾਂ ਰਾਹੀਂ ਪਰਾਲੀ ਨੂੰ ਬਿਜਲੀ ਉਤਪਾਦਨ ਅਤੇ ਪਸ਼ੂਆਂ ਦੇ ਚਾਰੇ ਲਈ ਵਰਤਿਆ ਜਾ ਸਕਦਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਉਪਲਬਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande