
ਚੰਡੀਗੜ੍ਹ, 21 ਅਕਤੂਬਰ (ਹਿੰ.ਸ.)| ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖ਼ਿਲਾਫ਼ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੁ ਮੋਟੂ ਨੋਟਿਸ ਲੈਂਦਿਆਂ ਕਾਰਵਾਈ ਕੀਤੀ ਹੈ। ਇਹ ਮਾਮਲਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨਾਲ ਸਬੰਧਤ ਹੈ, ਜਿਸ ਵਿੱਚ ਔਰਤਾਂ ਪ੍ਰਤੀ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੇ ਜਾਣ ਦਾ ਦੋਸ਼ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਮਿਸ਼ਨ ਨੇ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਨੋਟਿਸ ਜਾਰੀ ਕੀਤੇ ਹਨ। ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ 23 ਅਕਤੂਬਰ 2026 ਤੱਕ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਕੀਤੀ ਗਈ ਹੈ। ਕਮਿਸ਼ਨ ਨੇ ਵਾਇਰਲ ਵੀਡੀਓ ਵਿੱਚ ਸਾਹਮਣੇ ਆਏ ਕਥਿਤ ਬਿਆਨਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਸਬੰਧੀ ਕਾਰਵਾਈ ਦੀ ਜਾਣਕਾਰੀ ਮੰਗੀ ਹੈ।
ਹੁਣ ਸਬੰਧਤ ਪੁਲਿਸ ਅਧਿਕਾਰੀਆਂ ਵੱਲੋਂ ਨਿਰਧਾਰਤ ਸਮਾਂ-ਸੀਮਾ ਅੰਦਰ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਣੀ ਹੈ। ਇਸ ਮਾਮਲੇ ਵਿੱਚ ਅਗਲੀ ਕਾਰਵਾਈ ਰਿਪੋਰਟ ਅਤੇ ਜਾਂਚ ਦੇ ਤੱਥਾਂ ਦੇ ਆਧਾਰ ’ਤੇ ਹੋਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH