ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਤੋਂ ਮੁੱਖ ਮੰਤਰੀ ਵਿਰੁੱਧ ਕਾਰਵਾਈ ਦੀ ਮੰਗ
ਸੁਖਬੀਰ ਬਾਦਲ ਦੀ ਅਗਵਾਈ ਹੇਠ ਵਫ਼ਦ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ 2 ਕਰੋੜ ਮੁਆਵਜ਼ੇ ਅਤੇ ਪਤਨੀ ਨੂੰ ਗਜ਼ਟਿਡ ਨੌਕਰੀ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ, 23 ਅਕਤੂਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਬਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ।


ਸੁਖਬੀਰ ਬਾਦਲ ਦੀ ਅਗਵਾਈ ਹੇਠ ਵਫ਼ਦ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ 2 ਕਰੋੜ ਮੁਆਵਜ਼ੇ ਅਤੇ ਪਤਨੀ ਨੂੰ ਗਜ਼ਟਿਡ ਨੌਕਰੀ ਦੇਣ ਦੀ ਕੀਤੀ ਅਪੀਲ

ਚੰਡੀਗੜ੍ਹ, 23 ਅਕਤੂਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਅਤੇ ਮਰਹੂਮ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਉੱਚ ਪੱਧਰੀ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਝੋਟਾ ਦੀ ਪਤਨੀ ਨੂੰ ਗਜ਼ਟਿਡ ਅਹੁਦੇ ’ਤੇ ਨੌਕਰੀ ਦੇਣ ਦੀ ਮੰਗ ਵੀ ਕੀਤੀ।

ਵਫ਼ਦ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਅਤੇ ਇਸ ਵਿੱਚ ਗੁਲਜ਼ਾਰ ਸਿੰਘ ਤੂਰ ਵਣਜਾਰਾ ਤੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸ਼ਾਮਲ ਕਰਨ ਦੀ ਅਪੀਲ ਕੀਤੀ। ਅਕਾਲੀ ਦਲ ਨੇ ਨਸ਼ਾ ਤਸਕਰੀ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲੇ ਸਿਆਸਤਦਾਨਾਂ, ਪੁਲਿਸ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਝੋਟਾ ਦੇ ਪਿਤਾ ਭੀਮ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਥਿਤ ਸਿਆਸੀ-ਪੁਲਿਸ ਗਠਜੋੜ ਬਾਰੇ ਗੰਭੀਰ ਦੋਸ਼ ਲਗਾਏ ਹਨ। ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਗਈ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਨੂੰ ਵੀ ਅਹੁਦਿਆਂ ਤੋਂ ਹਟਾਉਣ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ‘ਆਪ’ ਸਰਕਾਰ ’ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਮੁੱਖ ਮੰਤਰੀ ਦੇ ਵਿਦੇਸ਼ੀ ਦੌਰਿਆਂ ’ਤੇ ਵੀ ਸਵਾਲ ਚੁੱਕੇ ਅਤੇ ਪੈਰਿਸ ਤੋਂ ਲਿਆਂਦੇ ਕਥਿਤ ਮਹਿੰਗੇ ਸਮਾਨ ਬਾਰੇ ਸਪੱਸ਼ਟੀਕਰਨ ਮੰਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮਾਨ ਵਿੱਚ 10 ਲੱਖ ਰੁਪਏ ਦਾ ਮਹਿਲਾ ਪਰਸ ਵੀ ਸ਼ਾਮਲ ਸੀ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਸਨ।

ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਬਾਦਲ ਨੇ ਕਿਹਾ ਕਿ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਹਿੱਤ ਉਸ ਦੀ ਪਹਿਲੀ ਤਰਜੀਹ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਆਪਣੀਆਂ ਵਿਰੋਧੀ ਪਾਰਟੀਆਂ ਮੰਨਦੀ ਹੈ, ਪਰ ਆਪਣੀ ਵਿਚਾਰਧਾਰਾ ਅਤੇ ਸਿਧਾਂਤਾਂ ਦਾ ਸਨਮਾਨ ਕਰਨ ਵਾਲੀਆਂ ਹੋਰ ਪਾਰਟੀਆਂ ਨਾਲ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕਰਦੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande