ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਪਲੇਠਾ ਯੁਵਕ ਮੇਲਾ 24 ਅਕਤੂਬਰ ਨੂੰ
15 ਤੋਂ ਵੱਧ ਕਾਲਜਾਂ ਦੇ ਵਿਦਿਆਰਥੀ ਲੈਣਗੇ ਹਿੱਸਾ; ਗਿੱਧਾ, ਭੰਗੜਾ, ਲੋਕ ਕਲਾਵਾਂ ਤੇ ਰਵਾਇਤੀ ਖੇਡਾਂ ਹੋਣਗੀਆਂ ਖਿੱਚ ਦਾ ਕੇਂਦਰ ਪਟਿਆਲਾ, 23 ਅਕਤੂਬਰ (ਹਿੰ.ਸ.)| ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਉਪ-ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ 24 ਅਕਤੂਬਰ ਨੂੰ ਆਪਣਾ ਪਲੇਠਾ
ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਪਲੇਠਾ ਯੁਵਕ ਮੇਲਾ 24 ਅਕਤੂਬਰ ਨੂੰ


15 ਤੋਂ ਵੱਧ ਕਾਲਜਾਂ ਦੇ ਵਿਦਿਆਰਥੀ ਲੈਣਗੇ ਹਿੱਸਾ; ਗਿੱਧਾ, ਭੰਗੜਾ, ਲੋਕ ਕਲਾਵਾਂ ਤੇ ਰਵਾਇਤੀ ਖੇਡਾਂ ਹੋਣਗੀਆਂ ਖਿੱਚ ਦਾ ਕੇਂਦਰ

ਪਟਿਆਲਾ, 23 ਅਕਤੂਬਰ (ਹਿੰ.ਸ.)| ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਉਪ-ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ 24 ਅਕਤੂਬਰ ਨੂੰ ਆਪਣਾ ਪਲੇਠਾ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਰਾਹੀਂ ਵਿਦਿਆਰਥੀਆਂ ਨੂੰ ਖੇਡਾਂ ਅਤੇ ਪੜ੍ਹਾਈ ਦੇ ਨਾਲ-ਨਾਲ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ-ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਬਹੁਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਪਹਿਲਾ ਯੁਵਕ ਮੇਲਾ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨ ਵੱਲ ਇੱਕ ਅਹਿਮ ਕਦਮ ਹੈ। ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਲੋਕ-ਰੰਗਾਂ ਅਤੇ ਰਵਾਇਤੀ ਕਲਾਵਾਂ ਦੀ ਝਲਕ ਦੇਖਣ ਨੂੰ ਮਿਲੇਗੀ।

ਯੁਵਕ ਮੇਲੇ ਵਿੱਚ ਮੰਚੀ ਕਲਾਵਾਂ ਤਹਿਤ ਗਿੱਧਾ, ਭੰਗੜਾ, ਸਕਿੱਟ, ਮਿਮਿਕਰੀ, ਰਵਾਇਤੀ ਗੀਤ, ਲੋਕ ਗੀਤ ਅਤੇ ਪ੍ਰਦਰਸ਼ਨੀ ਪਹਿਰਾਵੇ ਦੇ ਮੁਕਾਬਲੇ ਕਰਵਾਏ ਜਾਣਗੇ। ਸਾਹਿਤਕ ਮੁਕਾਬਲਿਆਂ ਵਿੱਚ ਭਾਸ਼ਣ, ਕਵਿਤਾ ਉਚਾਰਣ, ਪੋਸਟਰ ਮੇਕਿੰਗ ਅਤੇ ਕੋਲਾਜ ਮੇਕਿੰਗ ਸ਼ਾਮਲ ਹੋਣਗੇ।

ਇਸੇ ਤਰ੍ਹਾਂ ਕੋਮਲ ਕਲਾਵਾਂ ਦੇ ਮੁਕਾਬਲਿਆਂ ਵਿੱਚ ਨਾਲਾ ਬੁਣਨਾ, ਪੱਖੀ ਬੁਣਨਾ, ਗੁੱਡੀਆਂ-ਪਟੋਲੇ ਬਣਾਉਣਾ, ਮਿੱਟੀ ਦੇ ਖਿਡੌਣੇ ਤਿਆਰ ਕਰਨਾ ਅਤੇ ਰੰਗੋਲੀ ਬਣਾਉਣ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਲੋਕ ਖੇਡਾਂ ਦੇ ਮੁਕਾਬਲਿਆਂ ਵਿੱਚ ਸ਼ਟਾਪੂ, ਗੀਟੇ, ਰੱਸੀ ਟੱਪਣਾ ਅਤੇ ਰੱਸਾਕਸ਼ੀ ਵੀ ਸ਼ਾਮਲ ਹੋਣਗੇ।

ਡਾ. ਗਿੱਲ ਨੇ ਦੱਸਿਆ ਕਿ ਇਸ ਮੇਲੇ ਵਿੱਚ 15 ਤੋਂ ਵੱਧ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈਣਗੇ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਰਹਿਣ ਅਤੇ ਖਾਣ-ਪੀਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਕਲਾਤਮਕ ਰੁਚੀਆਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਨਾ ਹੈ।

ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਪੰਜਾਬੀ ਕਲਾ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੁਨੀਤਾ ਧੀਰ, ਬਿੰਨੂ ਢਿੱਲੋਂ, ਕੰਵਲਜੀਤ ਸਿੰਘ ਢੀਂਡਸਾ ਅਤੇ ਸਵਰਨ ਰਟੌਲ ਵੀ ਮੇਲੇ ਵਿੱਚ ਪਹੁੰਚਣਗੇ। ਪ੍ਰਸਿੱਧ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਦੀ ਵਿਸ਼ੇਸ਼ ਪੇਸ਼ਕਾਰੀ ਮੇਲੇ ਦਾ ਮੁੱਖ ਖਿੱਚ ਦਾ ਕੇਂਦਰ ਹੋਵੇਗੀ।

ਯੂਨੀਵਰਸਿਟੀ ਵੱਲੋਂ ਕਰਵਾਇਆ ਜਾ ਰਿਹਾ ਇਹ ਪਲੇਠਾ ਯੁਵਕ ਮੇਲਾ ਵਿਦਿਆਰਥੀਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਾਸਤ ਨਾਲ ਜੁੜਨ ਦਾ ਵਿਸ਼ੇਸ਼ ਮੌਕਾ ਪ੍ਰਦਾਨ ਕਰੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande