ਐੱਸਡੀਐੱਮ ਬਟਾਲਾ ਵੱਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਮੌਕੇ ’ਤੇ ਪਹੁੰਚ ਕੇ ਬੁਝਾਈ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਬਟਾਲਾ, 23 ਅਕਤੂਬਰ (ਹਿੰ.ਸ.)| ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁਹਿੰਮ ਤੇਜ਼ ਕੀਤੀ ਗਈ ਹੈ। ਇਸ ਤਹਿ
ਖੇਤਾਂ ’ਚ ਲੱਗੀ ਅੱਗ ਬੁਝਵਾਉਂਦੇ ਹੋਏ ਐੱਸਡੀਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ


ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ

ਬਟਾਲਾ, 23 ਅਕਤੂਬਰ (ਹਿੰ.ਸ.)| ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁਹਿੰਮ ਤੇਜ਼ ਕੀਤੀ ਗਈ ਹੈ। ਇਸ ਤਹਿਤ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤੁਰੰਤ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਐੱਸਡੀਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਵੱਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪਿੰਡ ਮੰਡਿਆਲਾ, ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਖੇਤ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾਇਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਐੱਸਡੀਐੱਮ ਬਟਾਲਾ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੀਆਂ ਹਨ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਐੱਫਆਈਆਰ ਦਰਜ ਕਰਨ ਦੇ ਨਾਲ-ਨਾਲ ਜੁਰਮਾਨੇ ਵੀ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਕਿਉਂਕਿ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ, ਜਿਸ ਦਾ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ।

ਐੱਸਡੀਐੱਮ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਅਤੇ ਹੋਰ ਉਪਲਬਧ ਤਰੀਕਿਆਂ ਦੀ ਵਰਤੋਂ ਕਰਨ ਅਤੇ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਣ ਨੂੰ ਤਰਜੀਹ ਦੇਣ।

ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande