
ਲਗਭਗ 100 ਵਿਦਿਆਰਥੀਆਂ ਨੇ ਲਿਆ ਹਿੱਸਾ, ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਤੇ ਹੁਨਰ ਵਿਕਾਸ ਵੱਲ ਧਿਆਨ ਦੇਣ ਲਈ ਕੀਤਾ ਪ੍ਰੇਰਿਤ
ਪਟਿਆਲਾ, 24 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪਟਿਆਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲਿਆਣ ਵਿਖੇ ਕਰੀਅਰ ਕਾਊਂਸਲਿੰਗ-ਕਮ-ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਲਗਭਗ 100 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕਰੀਅਰ ਦੀ ਚੋਣ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ।
ਕੈਂਪ ਦੌਰਾਨ ਡੀ.ਬੀ.ਈ.ਈ. ਪਟਿਆਲਾ ਦੇ ਡਿਪਟੀ ਸੀ.ਈ.ਓ. ਸਤਿੰਦਰ ਸਿੰਘ ਅਤੇ ਕਰੀਅਰ ਕਾਊਂਸਲਰ ਡਾ. ਰੂਪਸੀ ਪਾਹੂਜਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਕਰੀਅਰ ਚੁਣਨ, ਜੀਵਨ ਵਿੱਚ ਸਪੱਸ਼ਟ ਟੀਚੇ ਨਿਰਧਾਰਤ ਕਰਨ ਅਤੇ ਪੜ੍ਹਾਈ ਦੇ ਨਾਲ-ਨਾਲ ਲੋੜੀਂਦੇ ਕਿੱਤਾਮੁਖੀ ਹੁਨਰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਹੀ ਸਮੇਂ ’ਤੇ ਲਿਆ ਗਿਆ ਕਰੀਅਰ ਸਬੰਧੀ ਫ਼ੈਸਲਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਸਕਦਾ ਹੈ।
ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ ਅਤੇ ਮਾਨਸਿਕ ਸਿਹਤ, ਪਰਿਵਾਰਕ ਜੀਵਨ, ਸਿੱਖਿਆ ਅਤੇ ਸਮਾਜ ’ਤੇ ਪੈਣ ਵਾਲੇ ਗੰਭੀਰ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਗਲਤ ਸੰਗਤ ਤੋਂ ਬਚਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਆਪਣਾ ਧਿਆਨ ਪੜ੍ਹਾਈ, ਖੇਡਾਂ ਤੇ ਉਸਾਰੂ ਗਤੀਵਿਧੀਆਂ ਵੱਲ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਕੈਂਪ ਦੌਰਾਨ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਨ੍ਹਾਂ ਵਿੱਚ ਕਰੀਅਰ ਕਾਊਂਸਲਿੰਗ, ਪਲੇਸਮੈਂਟ ਕੈਂਪ, ਨੌਕਰੀਆਂ ਸਬੰਧੀ ਜਾਣਕਾਰੀ, ਹੁਨਰ ਵਿਕਾਸ ਕੋਰਸ ਅਤੇ ਸਵੈ-ਰੋਜ਼ਗਾਰ ਲਈ ਸਰਕਾਰੀ ਕਰਜ਼ਾ ਯੋਜਨਾਵਾਂ ਸ਼ਾਮਲ ਹਨ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਅਤੇ ਹੁਨਰ ਵਿਕਾਸ ਰਾਹੀਂ ਆਪਣਾ ਭਵਿੱਖ ਸੰਵਾਰਨ ਦਾ ਸੁਨੇਹਾ ਦਿੱਤਾ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਟੋਲ-ਫਰੀ ਨੰਬਰ 97791-00200 ਅਤੇ ਨਸ਼ਾ ਮੁਕਤੀ ਐਪ (ਐੱਨ.ਐੱਨ.ਐੱਮ.) ਰਾਹੀਂ ਸਾਂਝੀ ਕਰਨ ਦੀ ਅਪੀਲ ਕੀਤੀ ਗਈ।
ਹਿੰਦੂਸਥਾਨ ਸਮਾਚਾਰ / GURSHARAN SINGH