
ਚੰਡੀਗੜ੍ਹ, 24 ਅਕਤੂਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 62.07 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿੱਚੋਂ 60.50 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ 12,969.01 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਹੁੰਚ ਰਹੀ ਫ਼ਸਲ ਦੀ ਬਿਨਾਂ ਦੇਰੀ ਖਰੀਦ ਯਕੀਨੀ ਬਣਾਈ ਜਾ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਝੋਨੇ ਦੀ ਫ਼ਸਲ ਦੀ ਪੈਦਾਵਾਰ ਉਤਸ਼ਾਹਜਨਕ ਰਹੀ ਹੈ ਅਤੇ ਫ਼ਸਲ ਦੀ ਗੁਣਵੱਤਾ ਵੀ ਚੰਗੀ ਹੈ। ਫ਼ਰੀਦਕੋਟ, ਸੰਗਰੂਰ ਅਤੇ ਗੁਰਦਾਸਪੁਰ ਵਰਗੇ ਇਲਾਕਿਆਂ ਵਿੱਚ ਬਾਸਮਤੀ ਦੀ ਚੰਗੀ ਪੈਦਾਵਾਰ ਹੋਈ ਹੈ। ਬਾਸਮਤੀ ਉਤਪਾਦਕ ਕਿਸਾਨਾਂ ਨੂੰ ਵਧੀਆ ਭਾਅ ਮਿਲ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਢੋਆ-ਢੁਆਈ ਤੇਜ਼ ਕਰਨ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਚੌਲ ਮਿੱਲਾਂ ਵਿੱਚ ਫ਼ਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਦਾ ਪ੍ਰਬੰਧ ਕਰਨ ਵਾਸਤੇ ਸਰਕਾਰ ਵੱਲੋਂ ਭਾਰਤੀ ਖੁਰਾਕ ਨਿਗਮ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਦੇ ਸਹਿਯੋਗ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਰਹੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੋ ਸਕਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਚੰਗੀ ਪੈਦਾਵਾਰ ਅਤੇ ਸੁਚਾਰੂ ਖਰੀਦ ਪ੍ਰਬੰਧ ਕਿਸਾਨਾਂ ਲਈ ਦੀਵਾਲੀ ਦੀਆਂ ਖੁਸ਼ੀਆਂ ਵਧਾਉਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH