
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਦਿੱਤਾ ਸੰਦੇਸ਼; ਨਸ਼ਾ ਤਸਕਰਾਂ ਦਾ ਪੂਰਨ ਬਾਈਕਾਟ ਕਰਨ ਦਾ ਸੱਦਾ
ਚੰਡੀਗੜ੍ਹ, 25 ਅਕਤੂਬਰ (ਹਿੰ.ਸ.)| ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਪਰਮਿੰਦਰ ਸਿੰਘ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ 28 ਅਕਤੂਬਰ 2026 ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿੱਚ ਸੰਗਤ ਇਕੱਠੀ ਕਰਕੇ ਪਰਮਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਹੈ। ਜੇਕਰ ਸਰਕਾਰਾਂ ਵੱਲੋਂ ਮੈਡੀਕਲ ਨਸ਼ਿਆਂ ਦੀ ਸਪਲਾਈ ਲੜੀ ਅਤੇ ਸਿੰਥੈਟਿਕ ਨਸ਼ਿਆਂ ਦੇ ਨੈੱਟਵਰਕ ਨੂੰ ਨਾ ਤੋੜਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਨੌਜਵਾਨ ਪੀੜ੍ਹੀ ਲਈ ਬੇਹੱਦ ਗੰਭੀਰ ਨਤੀਜੇ ਨਿਕਲ ਸਕਦੇ ਹਨ।
ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਸੱਦਾ ਦਿੱਤਾ ਕਿ ਪਰਮਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ, ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕੀਤੇ ਜਾ ਸਕਣ।
ਜਥੇਦਾਰ ਨੇ ਕਿਹਾ ਕਿ ਭਾਵੇਂ ਨਸ਼ਿਆਂ ਦੀ ਸਮੱਸਿਆ ਵਿਸ਼ਵ ਪੱਧਰ ਦੀ ਹੈ, ਪਰ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਵਰਜਦਿਆਂ ਗੁਰਮਤਿ ਅਨੁਸਾਰ ਸੱਚਾ-ਸੁੱਚਾ ਜੀਵਨ ਜਿਊਣ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਕੇ ਅਤੇ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ਿਆਂ ਤੋਂ ਮੁਕਤੀ ਵੱਲ ਕਦਮ ਵਧਾ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜ ਵਿੱਚ ਨਸ਼ਾ ਵੇਚਣ ਵਾਲੇ ਲੋਕਾਂ ਦਾ ਪੂਰਨ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸਮੂਹ ਸੰਗਤ ਅਤੇ ਸਮਾਜਿਕ ਜਥੇਬੰਦੀਆਂ ਨੂੰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH