
ਮੋਗਾ, 26 ਅਕਤੂਬਰ (ਹਿੰ.ਸ.)| ਮੋਗਾ ਪੁਲਿਸ ਦੇ ਸੀਆਈਏ ਸਟਾਫ਼ ਨੇ ਵੱਡੀ ਕਾਰਵਾਈ ਕਰਦਿਆਂ ਮੋਗਾ-ਲੁਧਿਆਣਾ ਹਾਈਵੇਅ ’ਤੇ ਇੱਕ ਕੈਂਟਰ ਵਿੱਚੋਂ 8 ਕੁਇੰਟਲ ਡੋਡਾ ਚੂਰਾ-ਪੋਸਤ ਬਰਾਮਦ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਕੈਂਟਰ ਅਤੇ ਦੋ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਏ ਹਨ।
ਜਾਣਕਾਰੀ ਅਨੁਸਾਰ, ਸੀਆਈਏ ਇੰਚਾਰਜ ਦਲਜੀਤ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਪੁਲਿਸ ਟੀਮ ਸਮੇਤ ਪਿੰਡ ਮਹਿਣਾ ਨੇੜੇ ਹਾਈਵੇਅ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਬਚਨ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹੰਸ ਕਲਾਂ ਅਤੇ ਸਰਬਜੀਤ ਸਿੰਘ ਉਰਫ਼ ਸਾਜਨ ਵਾਸੀ ਹਠੂਰ, ਜ਼ਿਲ੍ਹਾ ਲੁਧਿਆਣਾ, ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਚੂਰਾ-ਪੋਸਤ ਦੀ ਤਸਕਰੀ ਕਰਦੇ ਹਨ ਅਤੇ ਕੈਂਟਰ ਰਾਹੀਂ ਨਸ਼ੀਲੇ ਪਦਾਰਥ ਦੀ ਖੇਪ ਲੈ ਕੇ ਜਾ ਰਹੇ ਹਨ।
ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਸ਼ੱਕੀ ਕੈਂਟਰ ਨੂੰ ਰੋਕ ਲਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਕੈਂਟਰ ਦੀ ਤਲਾਸ਼ੀ ਲੈਣ ’ਤੇ 20-20 ਕਿਲੋਗ੍ਰਾਮ ਦੇ 40 ਬੈਗ ਮਿਲੇ, ਜਿਨ੍ਹਾਂ ਵਿੱਚ ਕੁੱਲ 800 ਕਿਲੋਗ੍ਰਾਮ ਡੋਡਾ ਚੂਰਾ-ਪੋਸਤ ਭਰਿਆ ਹੋਇਆ ਸੀ।
ਪੁਲਿਸ ਨੇ ਬਰਾਮਦ ਨਸ਼ੀਲੇ ਪਦਾਰਥ, ਕੈਂਟਰ ਅਤੇ ਦੋ ਮੋਬਾਈਲ ਫੋਨ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਇਸ ਸਬੰਧੀ ਥਾਣਾ ਮਹਿਣਾ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਏਐੱਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਨਸ਼ੀਲੇ ਪਦਾਰਥ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿਹੜੇ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH