
ਅੰਮ੍ਰਿਤਸਰ, 26 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਜਿਥੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ, ਉਥੇ ਹੀ ਹੈਲੀਕਾਪਟਰ ਰਾਹੀਂ ਨਗਰ ਕੀਰਤਨ ’ਤੇ ਕੀਤੀ ਫੁੱਲਾਂ ਦੀ ਵਰਖਾ ਨੇ ਅਲੌਕਿਕ ਦ੍ਰਿਸ਼ ਸਿਰਜਿਆ।
ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਆ।
ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ ਅਤੇ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH