
ਜਲੰਧਰ, 26 ਅਕਤੂਬਰ (ਹਿੰ.ਸ.)| ਜਲੰਧਰ ਜ਼ਿਲ੍ਹੇ ਦੇ ਗੁਰਾਇਆ ਵਿੱਚ ਚੀਮਾ ਖੁਰਦ ਗੇਟ ਨੇੜੇ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਲੱਲੀਆਂ ਦੇ ਰਹਿਣ ਵਾਲੇ ਨਵੀ ਪੁੱਤਰ ਦੂਨੀ ਚੰਦ ਵਜੋਂ ਹੋਈ ਹੈ। ਉਹ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਨੇ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਨਵੀ ਐਤਵਾਰ ਦੇਰ ਰਾਤ ਮੋਟਰਸਾਈਕਲ ’ਤੇ ਜਾ ਰਿਹਾ ਸੀ। ਜਦੋਂ ਉਹ ਚੀਮਾ ਖੁਰਦ ਗੇਟ ਨੇੜੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦੀ ਟਰੈਕਟਰ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।
ਚਸ਼ਮਦੀਦਾਂ ਅਤੇ ਰਾਹਗੀਰਾਂ ਅਨੁਸਾਰ, ਹਾਦਸੇ ਸਮੇਂ ਟਰੈਕਟਰ ਦੀ ਸਿਰਫ਼ ਇੱਕ ਲਾਈਟ ਜਗ ਰਹੀ ਸੀ। ਇਸ ਤੋਂ ਇਲਾਵਾ ਟਰੈਕਟਰ ਚਾਲਕ ਦੇ ਕਥਿਤ ਤੌਰ ’ਤੇ ਗਲਤ ਦਿਸ਼ਾ ਤੋਂ ਆਉਣ ਦੀ ਗੱਲ ਵੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਨੇਰੇ ਕਾਰਨ ਨਵੀ ਨੂੰ ਟਰੈਕਟਰ ਦਿਖਾਈ ਨਹੀਂ ਦਿੱਤਾ, ਜਿਸ ਕਾਰਨ ਦੋਵਾਂ ਵਾਹਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ਦੀ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਣ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੀ ਜਾਂਚ ਕਰਕੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਪੁਲਿਸ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਟਰੈਕਟਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਾਦਸੇ ਦੇ ਕਾਰਨਾਂ ਅਤੇ ਜ਼ਿੰਮੇਵਾਰੀ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH