
ਫਾਜ਼ਿਲਕਾ, 26 ਅਕਤੂਬਰ (ਹਿੰ.ਸ.)| ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਨੂਰਸਮੰਦ ਵਿਖੇ ਨੂਰਸਮੰਦ ਤੋਂ ਨੂਰਸ਼ਾਹ ਤੱਕ ਜਾਣ ਵਾਲੀ ਲਿੰਕ ਸੜਕ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ’ਤੇ 4 ਕਰੋੜ 12 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਇਕੱਠੇ ਹੋਏ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਹਲਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣਾ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਇਸ ਸੜਕ ਦੇ ਚੌੜਾ ਹੋਣ ਨਾਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਵੀ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਸੜਕੀ ਬੁਨਿਆਦੀ ਢਾਂਚੇ ਦਾ ਵਿਕਾਸ ਪੇਂਡੂ ਖੇਤਰਾਂ ਦੀ ਤਰੱਕੀ ਲਈ ਬਹੁਤ ਮਹੱਤਵਪੂਰਨ ਹੈ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸੁਧਾਰ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਹਾਲਤ ਸੁਧਾਰਨ ਦੇ ਨਾਲ-ਨਾਲ ਨਵੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ ਅਤੇ ਅਧਿਆਪਕਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ, ਤਾਂ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਉਤਸ਼ਾਹਿਤ ਹੋਣ।
ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੋਂ ਲੋਕ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਲੋਕਾਂ ਵੱਲੋਂ ਉਠਾਈਆਂ ਜਾਂਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾਣਗੇ।
ਸਵਨਾ ਨੇ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਅਤੇ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਵਰਕਰਾਂ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH