
ਲੁਧਿਆਣਾ, 26 ਅਕਤੂਬਰ (ਹਿੰ.ਸ.)| ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕਰਦਿਆਂ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ। ਪੂਰੇ ਸਮਾਗਮ ਦੌਰਾਨ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਪੰਜਾਬ ਸਰਕਾਰ ਦੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਵੀ ਆਪਣੇ ਸਾਥੀਆਂ ਸਮੇਤ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਵੱਲੋਂ ਰਚਿਆ ਗਿਆ ਮਹਾਨ ਗ੍ਰੰਥ ਰਾਮਾਇਣ ਭਾਰਤੀ ਸੱਭਿਆਚਾਰ, ਮਰਿਆਦਾ, ਨੈਤਿਕਤਾ ਅਤੇ ਆਦਰਸ਼ ਜੀਵਨ ਮੁੱਲਾਂ ਦਾ ਅਨਮੋਲ ਖ਼ਜ਼ਾਨਾ ਹੈ।
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਸਮਾਜ ਨੂੰ ਸਦਾਚਾਰ, ਸਮਾਨਤਾ, ਭਾਈਚਾਰੇ ਅਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਦੀ ਅੱਜ ਵੀ ਵਿਸ਼ੇਸ਼ ਮਹੱਤਤਾ ਹੈ। ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਸਾਡੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਵਿਚਾਰਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਓਐੱਸਡੀ ਕਰੁਣ ਅਰੋੜਾ, ਵਿਕਾਸ ਅਗਰਵਾਲ, ਲਵਲੇਸ਼ ਅਰੋੜਾ, ਪੀਏ ਮਹੇਸ਼ ਕੁਮਾਰ, ਆਮ ਆਦਮੀ ਪਾਰਟੀ ਦੇ ਯੂਥ ਆਗੂ ਕਰਨ ਵਰਮਾ ਸਮੇਤ ਹੋਰ ਪਾਰਟੀ ਵਰਕਰ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH