
ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕਿਹਾ, ਪਾਕਿਸਤਾਨ ਤੋਂ ਆ ਰਹੇ ਨਸ਼ੇ ਤੇ ਹਥਿਆਰ ਕੌਮੀ ਸੁਰੱਖਿਆ ਲਈ ਖ਼ਤਰਾ ਜਾਂਚ ਨਾਲ ਕਥਿਤ ਸਰਕਾਰੀ ਸਰਪ੍ਰਸਤੀ ਦੇ ਵੀ ਖੁੱਲ੍ਹ ਸਕਦੇ ਹਨ ਭੇਤ
ਚੰਡੀਗੜ੍ਹ, 27 ਅਕਤੂਬਰ (ਹਿੰ.ਸ.)| ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਾਂ ਅਤੇ ਕੌਮਾਂਤਰੀ ਹਥਿਆਰ ਤਸਕਰੀ ਨਾਲ ਜੁੜੇ ਗਰੋਹਾਂ ਦੀ ਕੌਮੀ ਜਾਂਚ ਏਜੰਸੀ (ਐਨਆਈਏ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦੇਸ਼ ਦੀ ਕੌਮੀ ਸੁਰੱਖਿਆ ਨਾਲ ਜੁੜੇ ਗੰਭੀਰ ਮੁੱਦੇ ਹਨ।
ਜਾਖੜ ਨੇ ਆਪਣੀ ਚਿੱਠੀ ਵਿੱਚ ਦੋ ਮਾਮਲਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਦੀਆਂ ਕੜੀਆਂ ਨਸ਼ਾ ਤਸਕਰੀ, ਫਿਰੌਤੀ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨਾਲ ਜੁੜੀਆਂ ਹੋ ਸਕਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਮਾਮਲਿਆਂ ਵਿੱਚ ਕਥਿਤ ਸਰਕਾਰੀ ਸਰਪ੍ਰਸਤੀ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਮੁਤਾਬਕ, ਸਾਲ 2023 ਵਿੱਚ ਬਠਿੰਡਾ ਜ਼ਿਲ੍ਹੇ ਦੇ ਨਥਾਣਾ ਥਾਣੇ ਦੀ ਪੁਲਿਸ ਨੇ ਕੁਝ ਵਿਅਕਤੀਆਂ ਕੋਲੋਂ ਚਾਰ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਜਾਖੜ ਨੇ ਦਾਅਵਾ ਕੀਤਾ ਕਿ ਜਾਂਚ ਦੌਰਾਨ ਇਸ ਖੇਪ ਦੇ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈਰੀ ਨਾਮਕ ਵਿਅਕਤੀ ਨਾਲ ਸਬੰਧ ਸਾਹਮਣੇ ਆਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਅਤੇ ਹੋਰ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਇਸ ਵਿਅਕਤੀ ਨੂੰ ਜਨਵਰੀ 2024 ਵਿੱਚ ਕਥਿਤ ਤੌਰ ’ਤੇ ਪੈਰੋਲ ਮਿਲੀ ਅਤੇ ਬਾਅਦ ਵਿੱਚ ਉਹ ਦੁਬਈ ਚਲਾ ਗਿਆ। ਜਾਖੜ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਉੱਥੋਂ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਫਿਰੌਤੀ ਦੇ ਨੈੱਟਵਰਕ ਨੂੰ ਚਲਾ ਰਿਹਾ ਹੈ।
ਦੂਜੇ ਮਾਮਲੇ ਦਾ ਜ਼ਿਕਰ ਕਰਦਿਆਂ ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਐਂਟੀ-ਡਰੋਨ ਯੂਨਿਟ ਵਿੱਚ ਤਾਇਨਾਤ ਸਿਪਾਹੀ ਕਰਮ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 25 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅਨੁਸਾਰ, ਇਸ ਮਾਮਲੇ ਵਿੱਚ 24 ਹੋਰ ਖੇਪਾਂ ਦੀ ਡਿਲਿਵਰੀ ਦਾ ਵੀ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨਾਲ-ਨਾਲ ਹਥਿਆਰਾਂ ਦੀ ਤਸਕਰੀ ਦੇ ਪੱਖ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਦੋਵਾਂ ਮਾਮਲਿਆਂ ਦੀ ਐਨਆਈਏ ਤੋਂ ਸਮਾਂਬੱਧ ਜਾਂਚ ਕਰਵਾਈ ਜਾਵੇ, ਤਾਂ ਜੋ ਤਸਕਰੀ ਦੇ ਪੂਰੇ ਨੈੱਟਵਰਕ, ਇਸ ਨਾਲ ਜੁੜੇ ਲੋਕਾਂ ਅਤੇ ਕਥਿਤ ਸਰਪ੍ਰਸਤਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਦੇਸ਼ ਦੀ ਸੁਰੱਖਿਆ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਲੋੜ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH