
ਗੁਰਦਾਸਪੁਰ , 27 ਅਕਤੂਬਰ (ਹਿੰ.ਸ.)| ਗੁਰਦਾਸਪੁਰ ਦੇ ਸਰਹੱਦੀ ਹਲਕੇ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸ਼ਿਕਾਰ ਮਾਛੀਆਂ ਵਿੱਚ ਸੋਮਵਾਰ ਦੇਰ ਰਾਤ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੁਲਿਸ ਟੀਮ ’ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਸੁਰੱਖਿਆ ਲਈ ਤਾਇਨਾਤ ਦੋ ਕਮਾਂਡੋ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਪਿੰਡ ਦਾ ਇੱਕ ਵਿਅਕਤੀ ਬਲਵਿੰਦਰ ਸਿੰਘ ਵੀ ਜ਼ਖ਼ਮੀ ਹੋਇਆ ਹੈ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਪਿੰਡ ਵਾਸੀਆਂ ਦੇ ਦੋਸ਼ ਹਨ ਕਿ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤਸਕਰਾਂ ਨੇ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾਇਆ। ਹਮਲੇ ਤੋਂ ਬਾਅਦ ਪੁਲਿਸ ਨੇ ਕਰੀਬ 25 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਿੰਡ ਵਾਸੀ ਗਿਆਨਬੀਰ ਸਿੰਘ ਮੁਤਾਬਕ, ਪਿੰਡ ਵਿੱਚ ਕੁਝ ਲੋਕ ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹਨ। ਜਦੋਂ ਪਿੰਡ ਦੇ ਇੱਕ ਧੜੇ ਨੇ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਤਸਕਰਾਂ ਨੇ ਹਮਲਾ ਕਰ ਦਿੱਤਾ, ਜਿਸ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ।
ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਸਰਪੰਚ ਨੂੰ ਸੂਚਿਤ ਕੀਤਾ। ਸਰਪੰਚ ਨੇ ਪੁਲਿਸ ਨੂੰ ਫ਼ੋਨ ਕਰਕੇ ਮੌਕੇ ’ਤੇ ਬੁਲਾਇਆ। ਜਦੋਂ ਪੁਲਿਸ ਟੀਮ ਮੁਲਜ਼ਮ ਰਿੰਕੂ ਮਸੀਹ ਦੇ ਘਰ ਜਾਂਚ ਕਰਨ ਪਹੁੰਚੀ ਤਾਂ ਉੱਥੇ ਪਹਿਲਾਂ ਤੋਂ ਮੌਜੂਦ 20 ਤੋਂ 25 ਵਿਅਕਤੀਆਂ ਦੇ ਸਮੂਹ ਨੇ ਛੱਤਾਂ ਅਤੇ ਗਲੀਆਂ ਵਿੱਚੋਂ ਪੁਲਿਸ ਪਾਰਟੀ ’ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ।
ਇਸ ਹਮਲੇ ਵਿੱਚ ਦੋ ਕਮਾਂਡੋ ਜਵਾਨਾਂ ਅਤੇ ਪਿੰਡ ਵਾਸੀ ਬਲਵਿੰਦਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਵੀ ਕੋਈ ਨਸ਼ਾ ਤਸਕਰੀ ਸਬੰਧੀ ਸ਼ਿਕਾਇਤ ਕਰਦਾ ਹੈ ਤਾਂ ਕਥਿਤ ਤਸਕਰ ਉਸ ’ਤੇ ਹਮਲਾ ਕਰ ਦਿੰਦੇ ਹਨ।
ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸਐੱਚਓ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਕਰੀਬ 25 ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 109, ਜੋ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਹੈ, ਸਮੇਤ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਫ਼ਰਾਰ ਮੁਲਜ਼ਮਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸਐੱਚਓ ਅਨੁਸਾਰ, ਪਿੰਡ ਵਿੱਚ ਸਥਿਤੀ ਕਾਬੂ ਹੇਠ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫ਼ਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH