
ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਪੁੱਤਰ ਦੀ ਹੱਤਿਆ ’ਤੇ ਬਿੱਟੂ ਨੇ ਘੇਰੀ ਪੰਜਾਬ ਸਰਕਾਰਚੰਡੀਗੜ੍ਹ, 27 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਦੇ ਪਿੰਡ ਚੀਤੇ ਕਲਾਂ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੇ ਪੁੱਤਰ ਤੀਰਥ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਦੇ ਆਪਣੇ ਸਰਪੰਚਾਂ ਦੇ ਪਰਿਵਾਰ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ।
ਬਿੱਟੂ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਗੋਲੀਬਾਰੀ ਅਤੇ ਹੱਤਿਆ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਤੀਰਥ ਸਿੰਘ ਦੀ ਹੱਤਿਆ ਸੂਬੇ ਦੀ ਕਾਨੂੰਨ-ਵਿਵਸਥਾ ਸਬੰਧੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਬਿੱਟੂ ਨੇ ਆਪਣੀ ਪੋਸਟ ਵਿੱਚ ਲਿਖਿਆ, “ਦੀਵੇ ਹੇਠ ਹਨੇਰਾ! ਜਿਸ ਸਰਕਾਰ ਦੇ ਆਪਣੇ ਸਰਪੰਚਾਂ ਦੇ ਘਰ ਸੁਰੱਖਿਅਤ ਨਹੀਂ, ਉਹ ਪੰਜਾਬ ਨੂੰ ਕੀ ਸੁਰੱਖਿਆ ਦੇਵੇਗੀ?” ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਗੋਲੀਆਂ ਚੱਲਣ ਅਤੇ ਹਿੰਸਕ ਵਾਰਦਾਤਾਂ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਰਿਹਾ ਹੈ।
ਭਾਜਪਾ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸਰਕਾਰ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਾਨੂੰਨ-ਵਿਵਸਥਾ ਸੰਭਾਲਣ ਜਾਂ ਅਸਤੀਫ਼ਾ ਦੇਣ ਦੀ ਮੰਗ ਵੀ ਕੀਤੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਪਿੰਡ ਚੀਤੇ ਕਲਾਂ ਵਿੱਚ ਤੀਰਥ ਸਿੰਘ ਆਪਣੇ ਦੋਸਤ ਰਣਜੀਤ ਸਿੰਘ ਨਾਲ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ, ਜਦੋਂ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਤੀਰਥ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਜ਼ਖ਼ਮੀ ਹੋ ਗਿਆ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH